ਫਾਜ਼ਿਲਕਾ, 6 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹੇ ਵਿਚ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਮੱਛਰ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਇਸ ਮੁਹਿੰਮ ਦੇ ਅਗਾਊਂ ਪ੍ਰਬੰਧਾਂ ਸਬੰਧੀ ਖੇਤੀਬਾੜੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਸਤਿੰਦਰ ਕੌਰ, ਡੀ.ਡੀ.ਪੀ.ਓ ਸ.ਸੁਰਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸਾਉਣੀ ਦੇ ਇਸ ਸੀਜ਼ਨ ਦੌਰਾਨ 85 ਹਜ਼ਾਰ ਹੈਕਟੇਅਰ ਰਕਬੇ ’ਤੇ ਨਰਮੇ ਦੀ ਖੇਤੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਲਈ ਸਾਉਣੀ ਦੀ ਇਸ ਫ਼ਸਲ ਨੂੰ ਚਿੱਟੀ ਮੱਖੀ ਅਤੇ ਕੀੜੇ ਮਕੌੜਿਆਂ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੱਛਲੇ ਸੀਜਨ ਦੌਰਾਨ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਮੱਛਰ ਤੋਂ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਕਾਰਨ ਜ਼ਿਲ੍ਹੇ ਅੰਦਰ ਨਰਮੇ ਦੀ ਭਰਵੀਂ ਪੈਦਾਵਾਰ ਹੋਈ ਸੀ। ਜਿਸ ਕਾਰਨ ਕਿਸਾਨਾਂ ਦੀ ਆਰਥਿਕ ਸਥਿਤੀ ਵਿਚ ਵੱਡੇ ਪੱਧਰ ’ਤੇ ਸੁਧਾਰ ਹੋਇਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਵੀ ਸਾਉਣੀ ਦੇ ਸੀਜ਼ਨ ਦੌਰਾਨ ਨਰਮੇ ਦੀ ਫ਼ਸਲ ਨੂੰ ਬਚਾਉਣ ਲਈ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ/ਮੱਛਰ ਤੋਂ ਬਚਾਉਣ ਲਈ ਨਰਮੇ ਵਾਲੇ ਇਲਾਕਿਆਂ ਵਿਚ ਜਿੰਨ੍ਹਾਂ ’ਤੇ ਚਿੱਟਾ ਮੱਛਰ ਪਨਾਹ ਲੈਂਦਾ ਹੈ ਉਨ੍ਹਾਂ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਤੌਰ ’ਤੇ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਜਾਂ ਮੱਛਰ ਪੁੱਠਕੰਢਾਂ,ਪੀਲੀ ਕੁੰਗੀ, ਗਾਜਰ ਘਾਹ, ਜੰਗਲੀ ਗੋਭੀ, ਲੇਹ, ਗਾਜ਼ਰ ਬੂਟੀ, ਆਦਿ ਆਮ ਤੌਰ ’ਤੇ ਸੜਕਾਂ ਤੇ ਪਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਜਾਂ ਮੱਛਰ ਇਸ ਤਰ੍ਹਾਂ ਦੇ ਨਦੀਨਾਂ ’ਤੇ ਪਨਾਹ ਲੈਂਦਾ ਹੈ।
ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੇ-ਆਪਣੇ ਖੇਤਰਾਂ ਵਿਚ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਤਵੱਜੋ ਦੇਣ। ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂ ੰ ਹਦਾਇਤ ਕੀਤੀ ਕਿ ਬਾਗਾਂ ਦੇ ਆਲੇ -ਦੁਆਲੇ ਉੱਘੇ ਨਦੀਨਾਂ ਨੂੰ ਨਸ਼ਟ ਕਰਨ ਵੱਲ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪਿੰਡਾਂ ਦੀਆਂ ਪੰਚਾਇਤਾਂ ਦਾ ਵੀ ਸਹਿਯੋਗ ਲਿਆ ਜਾਵੇ। ਜਿਹੜੇ ਖੇਤਰ ਵਿਚ ਚਿੱਟੀ ਮੱਖੀ ਜਾਂ ਮੱਛਰ ਦੇ ਹਮਲੇ ਦਾ ਜਿਆਦਾ ਡਰ ਹੈ। ਉਸ ਖੇਤਰ ਵਿਚ ਸਪੈਸ਼ਲ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੇ ਹੋਣ ਵਾਲੇ ਆਰਥਿਕ ਨੁਕਸਾਨ ਦਾ ਬਚਾਅ ਕੀਤਾ ਜਾ ਸਕੇ। 
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਰਮੇ ਦੀ ਬਿਜਾਈ ਤੋਂ ਪਹਿਲਾਂ ਬਲਾਕ ਪੱਧਰ ’ਤੇ ਜਾਗਰੂਕਤਾ ਕੈਂਪ ਲਾਏ ਜਾਣ।ਇਸ ਦੇ ਨਾਲ ਹੀ ਪਿੰਡ ਪੱਧਰ ਤੇ ਵੀ ਕਿਸਾਨਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇ।ਇੰਨ੍ਹਾਂ ਕੈਂਪਾਂ ਵਿਚ ਕਿਸਾਨਾਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਵਾਈ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਇਸ ਨੂੰ ਇਕ ਮਿਸ਼ਨ ਵੱਜੋਂ ਲੈਣ। ਉਨ੍ਹਾਂ ਕਿਹਾ ਕਿ ਹਰੇਕ 10 ਦਿਨਾਂ ਬਾਅਦ ਪ੍ਰਗਤੀ ਰਿਪੋਰਟ ਦਾ ਜ਼ਾਇਜ਼ਾ ਲਿਆ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media