ਫਾਜ਼ਿਲਕਾ, 8 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) ਦ੍ਰਿੜ ਇਰਾਦੇ, ਸੱਚੀ ਲਗਨ ਤੇ ਸਖ਼ਤ ਮਿਹਨਤ ਨਾਲ ਮਹਿਲਾਵਾਂ ਆਪਣੇ ਹਰ ਸੁਪਨੇ ਨੂੰ ਪੂਰਾ ਕਰ ਸਕਦੀਆਂ ਹਨ। ਇਹ ਤਦ ਸੰਭਵ ਹੋ ਸਕਦਾ ਹੈ ਜਦੋਂ ਔਰਤਾਂ ਆਪਣੇ ਮਾਨਵੀ ਹੱਕਾਂ, ਮਾਨਵੀ ਅਧਿਕਾਰਾਂ ਅਤੇ ਸਿੱਖਿਅਤ ਹੋ ਕੇ ਆਪਣੇ ਬਲਬੂਤੇ ਆਪਣੇ ਪੈਰਾਂ ਸਿਰ ਖੜ੍ਹੀਆਂ ਹੋਣਗੀਆਂ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ ਨੇ ਜ਼ਿਲ੍ਹੇ ਦੇ ਪਿੰਡ ਸਲੇਮਸ਼ਾਹ ਵਿਖੇ ਮਨਾਏ ਗਏ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ 16 ਸਰਹੱਦੀ ਪਿੰਡਾਂ ਦੀਆਂ ਇੱਕਠੀਆਂ ਹੋਈਆਂ ਔਰਤਾਂ ਅਤੇ ਸਕੂਲੀ ਵਿਦਿਆਰਥਣਾਂ ਦੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦਾ ਯੁੱਗ ਔਰਤ ਦਾ ਯੁੱਗ ਹੈ। ਇਸ ਯੁੱਗ ਵਿਚ ਔਰਤਾਂ ਨੇ ਆਪਣੇ ਘਰਾਂ ਦੀ ਚਾਰਦੀਵਾਰੀ ਤੋਂ ਬਾਹਰ ਨਿਕਲ ਕੇ ਅਸਮਾਨਾਂ ਤੱਕ ਉਡਾਰੀ ਲਾਈ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵੱਧਣ ਦੇ ਮੌਕੇ ਦਿੱਤੇ ਜਾਣ ਤਾਂ ਕਿ ਉਹ ਦੇਸ਼ ਦੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿਚ ਤਰੱਕੀ ਕਰ ਸਕਣ ਦੇ ਕਾਬਿਲ ਹੋ ਸਕਣ। ਉਨ੍ਹਾਂ ਇੱਕਤਰ ਔਰਤਾਂ ਨੂੰ ਸਮਾਜ ਵਿਚ ਫੈਲ ਰਹੀ ਭਰੂਣ ਹੱਤਿਆ ਅਤੇ ਦਾਜ ਦੀ ਬੁਰਾਈ ਵਿਰੁੱਧ ਲਾਮਬੰਦ ਕਰਦਿਆਂ ਸੱਦਾ ਦਿੱਤਾ ਕਿ ਜੇਕਰ ਸਿੱਖਿਅਤ ਔਰਤਾਂ ਇੰਨ੍ਹਾਂ ਬੁਰਾਈਆਂ ਦਾ ਡਟ ਕੇ ਮੁਕਾਬਲਾ ਕਰਨਗੀਆਂ ਤਾਂ ਉਹ ਸਮਾਜ ਲਈ ਰਾਹ-ਦਸੇਰਾ ਬਣ ਸਕਦੀਆਂ ਹਨ। 
ਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਖੇਤਰ ਦੀਆਂ ਹੋਣਹਾਰ ਸਿੱਖਿਅਤ ਲੜਕੀਆਂ ਲਈ ਸਿੱਖਿਆ ਦੇ ਖੇਤਰ ਵਿਚ ਹੋਰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲੜਕੀਆਂ ਦੇ ਸੁਨਹਿਰੀ ਭਵਿੱਖ ਲਈ ਉਜਵਲ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਲੋੜਵੰਦ ਲੜਕੀਆਂ ਨੂੰ ਵਿੱਤੀ ਸਹਾਇਤਾ ਦੇ ਕੇ ਸਿੱਖਿਆ ਦੇ ਖੇਤਰ ਵਿਚ ਅੱਗੇ ਵੱਧਣ ਦੇ ਹੋਰ ਮੌਕੇ ਦਿੱਤੇ ਜਾਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕਿੱਲ ਸੈਂਟਰ ਖੋਲ੍ਹੇ ਜਾ ਰਹੇ ਹਨ। ਇਹ ਸਕਿੱਲ ਸੈਂਟਰ 20 ਅਪ੍ਰੈਲ ਤੋਂ ਸ਼ੁਰੂ ਹੋ ਜਾਣਗੇ।
ਮੇਲੇ ਦਾ ਰੂਪ ਧਾਰਨ ਕਰ ਚੁੱਕੇ ਇਸ ਸਮਾਗਮ ਦੌਰਾਨ ਭਾਰੀ ਗਿਣਤੀ ਵਿਚ ਇੱਕਤਰ ਹੋਈਆਂ ਔਰਤਾਂ ਦੇ ਖਾਣ-ਪੀਣ ਲਈ ਵਿਸ਼ੇਸ਼ ਤੌਰ ’ਤੇ ਮੁਫ਼ਤ ਸਟਾਲ ਲਗਾਏ ਗਏ। ਇਸ ਦੇ ਨਾਲ ਹੀ ਔਰਤਾਂ ਦੀਆਂ ਅਲੋਪ ਹੋ ਰਹੀਆਂ ਪੁਰਾਤਨ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਰਹੀਆਂ ਔਰਤਾਂ ਨੂੰ ਸਨਮਾਨਤ ਕੀਤਾ ਗਿਆ।ਇਸ ਮੌਕੇ ਹੋਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗਿੱਧੇ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ, ਪੰਜਾਬੀ ਗਾਇਕ ਪੱਪੀ ਪਾਰਸ ਅਤੇ ਉਭਰ ਰਹੇ ਨੌਜਵਾਨ ਗਾਇਕ ਨਵਦੀਪ ਜੰਡਵਾਲੀਆ ਨੇ ਆਪਣੀ ਪੇਸ਼ਕਾਰੀ ਕੀਤੀ।
ਇਸ ਮੌਕੇ ਐਸ.ਪੀ.ਐਚ ਮਤੀ ਕੰਵਰਦੀਪ ਕੌਰ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਸਰਹੱਦੀ ਪਿੰਡਾਂ ਦੀਆਂ ਲੜਕੀਆਂ ਅਤੇ ਮਹਿਲਾਵਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media