ਫਾਜ਼ਿਲਕਾ, 10 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ ਲਈ ਲੰਘੀ ਚਾਰ ਫਰਵਰੀ ਨੂੰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਫਾਜ਼ਿਲਕਾ, ਅਬੋਹਰ ਅਤੇ ਬੱਲੂਆਣਾ ਵਿਚ ਪਈਆਂ ਵੋਟਾਂ ਦੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗਿਣਤੀ ਕੇਂਦਰਾਂ ’ਤੇ ਵੋਟਾਂ ਦੀ ਗਿਣਤੀ ਨਿਰਧਾਰਿਤ ਸਮੇਂ ’ਤੇ ਸਵੇਰੇ 8 ਵਜ਼ੇ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗਿਣਤੀ ਮੌਕੇ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਮੌਜੂਦ ਰਹਿਣਗੇ। ਜ਼ਿਲ੍ਹੇ ਦੇ ਜਲਾਲਾਬਾਦ ਤੇ ਫਾਜ਼ਿਲਕਾ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਐਸ.ਕੇ.ਬੀ.ਡੀ.ਏ.ਵੀ. ਸਕੂਲ ਪੈਚਾਂਵਾਲੀ ਅਤੇ ਵਿਧਾਨ ਸਭਾ ਹਲਕਿਆਂ ਅਬੋਹਰ ਤੇ ਬੱਲੂਆਣਾ ਦੀ ਗਿਣਤੀ ਸਰਕਾਰੀ ਐਮ.ਆਰ.ਕਾਲਜ ਫਾਜ਼ਿਲਕਾ ’ਚ ਹੋਵੇਗੀ। ਇੰਨ੍ਹਾਂ ਗਿਣਤੀ ਕੇਂਦਰਾਂ ’ਤੇ ਗਿਣਤੀ ਅਮਲੇ ਨੂੰ ਸਵੇਰੇ 6 ਵਜ਼ੇ ਤੋਂ ਪਹਿਲਾਂ ਪਹੁੰਚਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਅਮਨ-ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਵੋਟ ਗਿਣਤੀ ਕੇਂਦਰਾਂ ਦੇ ਨੇੜੇ ਕਿਸੇ ਵੀ ਅਣ-ਅਧਿਕਾਰਿਤ ਵਿਅਕਤੀ ਨੂੰ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟ ਗਿਣਤੀ ਕੇਂਦਰ ’ਚ ਸਿਰਫ਼ ਆਬਜ਼ਰਵਰ ਹੀ ਮੋਬਾਈਲ ਫੋਨ ਲੈ ਕੇ ਜਾ ਸਕਣਗੇ । ਇਸ ਤੋਂ ਇਲਾਵਾ ਵੋਟ ਗਿਣਤੀ ਦੇ ਅਮਲੇ ’ਚ ਸ਼ਾਮਲ ਕੋਈ ਵੀ ਅਧਿਕਾਰੀ, ਕਰਮਚਾਰੀ, ਉਮੀਦਵਾਰ, ਕਾਊਂਟਿੰਗ ਏਜੰਟ ਤੇ ਸੁਰੱਖਿਆ ਮੁਲਾਜ਼ਮ ਤੇ ਹੋਰ ਕਰਮਚਾਰੀਆਂ ਨੂੰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ’ਤੇ ਮੀਡੀਆ ਸੈਂਟਰ ਵੀ ਬਣਾਏ ਗਏ ਹਨ। ਇਸ ਦੇ ਨਾਲ ਹੀ ਆਮ ਜਨਤਾ ਲਈ ਗਿਣਤੀ ਕੇਂਦਰਾਂ ਦੇ ਬਾਹਰ ਲਾਊਡ ਸਪੀਕਰਾਂ ਰਾਹੀਂ ਪੜਾਅ ਵਾਰ ਜਾਣਕਾਰੀ ਦਿੱਤੀ ਜਾਵੇਗੀ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media