Sunday, July 26, 2026

ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਲੱਗੇਗਾ 15 ਹਜ਼ਾਰ ਰੁਪਏ ਦਾ ਜੁਰਮਾਨਾ – ਡੀ.ਸੀ

PPN2403201709ਫਾਜ਼ਿਲਕਾ, 24 ਮਾਰਚ (ਪੰਜਾਬ ਪੋਸਟ – ਵਿਨੀਤ ਅਰੋੜਾ) – ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਲਈ ਹਾੜੀ ਦੇ ਇਸ ਸੀਜਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਕਾਰਵਾਈ ਅਮਲ ਵਿਚ ਲਿਆਉਣ ਲਈ ਵੱਖ-ਵੱਖ ਵਿਭਾਗਾਂ ਦੀ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀਆਂ ਹਦਾਇਤਾਂ ’ਤੇ ਹਾੜੀ ਦੇ ਇਸ ਸੀਜ਼ਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਕਾਰਵਾਈ ਸਬੰਧੀ ਐਸ.ਐਮ.ਐਸ. ਅਲਰਟ ਸਿਸਟਮ ਵੀ ਬਣਾਇਆ ਜਾਵੇਗਾ। ਜਿਸ ਨਾਲ ਪਤਾ ਲੱਗ ਸਕੇਗਾ ਕਿ ਜ਼ਿਲੇ ਵਿਚ ਕਿਸ ਜਗਾ ’ਤੇ ਕਣਕ ਦੇ ਨਾੜ ਨੂੰ ਅੱਗ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕਰਨ ਸਬੰਧੀ ਵੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇੰਨਾਂ ਨਿਰਦੇਸ਼ਾਂ ਤਹਿਤ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ 2 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ 2500 ਰੁਪਏ, 2 ਤੋਂ 5 ਏਕੜ ਵਾਲੇ ਕਿਸਾਨਾਂ ਨੂੰ 5 ਹਜ਼ਾਰ ਰੁਪਏ ਅਤੇ 5 ਏਕੜ ਤੋਂ ਜਿਆਦਾ ਜ਼ਮੀਨ ਵਾਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਨਾਂ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਪਿੰਡਾਂ ਦੇ ਕਿਸਾਨਾਂ ਵਿਚ ਜਾਗਰੂਕਤਾ ਲਿਆਉਣ ਅਤੇ ਹਰੇਕ ਕਿਸਾਨ ਤੱਕ ਇਹ ਜਾਣਕਾਰੀ ਵੱਖ-ਵੱਖ ਸਾਧਨਾਂ ਦੇ ਜਰੀਏ ਪੁੱਜਦੀ ਕੀਤੀ ਜਾਵੇ ਤਾਂ ਕਿ ਉਹ ਇਸ ਸੀਜਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ। ਉਨਾਂ ਸਮੂਹ ਐਸ.ਡੀ.ਐਮਜ. ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਵਿਚ ਮੁਨਿਆਦੀ ਕਰਵਾ ਕੇ ਵੀ ਜਾਣੂੰ ਕਰਵਾਇਆ ਜਾਵੇ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹੁਣ ਹੀ ਪਿੰਡਾਂ ਵਿਚ ਲੱਗਣ ਵਾਲੇ ਕੈਂਪਾਂ ਵਿਚ ਵੀ ਪਿੰਡਾਂ ਦੇ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕਰਨ। ਮੀਟਿੰਗ ਦੌਰਾਨ ਐਸ.ਡੀ.ਐਮ. ਫਾਜ਼ਿਲਕਾ ਵਿਨੋਦ ਬਾਂਸਲ, ਐਸ.ਡੀ.ਐਮ. ਜਲਾਲਾਬਾਦ ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ ਰਵੀਪਾਲ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply