ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹੇ ’ਚ ਰੇਤੇ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਸਖ਼ਤੀ ਨਾਲ ਰੋਕਣ ਸਬੰਧੀ ਹੁਕਮ ਦਿੱਤੇ ਹਨ। ਜਿਸ ਸਬੰਧੀ ਜ਼ਿਲ੍ਹੇ ਭਰ ’ਚ 8 ਚੌਕਸੀ ਟੀਮਾਂ ਦਾ ਗਠਨ ਕੀਤਾ ਹੈ। 
ਇਨ੍ਹਾਂ ਚੌਕਸੀ ਟੀਮਾਂ ਨੂੰ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜਿੱਥੇ ਕਿਤੇ ਵੀ ਰੇਤੇ ਦੀ ਗੈਰ-ਕਾਨੂੰਨੀ ਨਿਕਾਸੀ ਦੀ ਸੂਚਨਾ ਜਾਂ ਖਦਸ਼ਾ ਹੋਵੇ, ਉਥੇ ਤੁਰੰਤ ਚੈਕਿੰਗ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੇਤੇ ਦੀ ਗੈਰ ਕਾਨੂੰਨੀ ਨਿਕਾਸੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾਂ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਟੋਲ ਫਰੀ ਨੰਬਰ 01638-260555 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਕਿਤੇ ਵੀ ਰੇਤ ਦੀਆਂ ਖਾਣਾਂ ਤੋਂ ਰੇਤ ਦੀ ਨਿਕਾਸੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਪਹਿਲਾਂ ਕਾਨੂੰਨੀ ਤੌਰ ’ਤੇ ਅਲਾਟ ਕੀਤੀਆਂ ਗਈਆਂ ਰੇਤ ਦੀਆਂ ਖੱਡਾਂ ਦੀ ਮਿਆਦ ਖ਼ਤਮ ਹੋ ਚੁੱਕੀ ਹੈ।ਇਸ ਲਈ ਹੁਣ ਕੋਈ ਵੀ ਕਾਨੂੰਨਨ ਤੌਰ ’ਤੇ ਕਿਸੇ ਵੀ ਰੇਤ ਦੇ ਖੱਡੇ ਤੋਂ ਰੇਤ ਨਹੀਂ ਕੱਢ ਸਕਦਾ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸਡੀਐਮਜ਼, ਸਹਾਇਕ ਕਮਿਸ਼ਨਰ ਅਤੇ ਡਰੇਨਜ਼ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਟੀਮਾਂ ’ਚ ਸ਼ਾਮਲ ਕੀਤਾ ਗਿਆ ਹੈ। ਰੇਤੇ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਦਿੰਦਿਆਂ ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੀਆਂ ਡਰੇਨਾਂ ’ਤੇ ਤਿੱਖੀ ਨਜ਼ਰ ਰੱਖਣ ਤਾਂ ਕਿਸੇ ਵੀ ਡਰੇਨ ਤੋਂ ਰੇਤੇ ਦੀ ਗੈਰ ਕਾਨੂੰਨੀ ਨਿਕਾਸੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪੁਲਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਭਰ ’ਚ ਮੁੱਖ ਮਾਰਗਾਂ ਤੋਂ ਇਲਾਵਾ ਲਿੰਕ ਸੜਕਾਂ ਤੇ ਵੀ 24 ਘੰਟੇ ਨਾਕੇ ਲਾਉਣ ਅਤੇ ਇੰਨ੍ਹਾਂ ਨਾਕਿਆਂ ਦੌਰਾਨ ਜੇਕਰ ਰੇਤ ਦੇ ਭਰੇ ਵਹੀਕਲ ਆਦਿ ਮਿਲਦੇ ਹਨ ਤਾਂ ਇੰਨ੍ਹਾਂ ਵਹੀਕਲਾਂ ਦੇ ਮਾਲਕਾਂ ’ਤੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਰੇਤ ਦੀਆਂ ਖੱਡਾਂ ਨਾਲ ਸਬੰਧਤ ਪਟਵਾਰੀ, ਕਾਨੂੰਗੋ ਅਤੇ ਪੰਚਾਇਤ ਸੈਕਟਰੀ ਆਪਣੇ ਇਲਾਕੇ ਦੀਆਂ ਰੇਤ ਖੱਡਾਂ ਤੇ ਨਜ਼ਰ ਰੱਖਣਗੇ ਅਤੇ ਇਸ ਸਬੰਧੀ ਰੋਜ਼ਾਨਾ ਆਪਣੀ ਰਿਪੋਰਟ ਸਬੰਧਤ ਐਸਡੀਐਮ ਦਫ਼ਤਰ ਨੂੰ ਦੇਣੀ ਯਕੀਨੀ ਬਣਾਉਣਗੇ। ਉਨ੍ਹਾਂ ਐਸਡੀਐਮਜ਼ ਨੂੰ ਹੁਕਮ ਦਿੱਤੇ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬ ਜਾਂ ਹੋਰ ਧਾਰਮਿਕ ਸਥਾਨਾਂ ਤੋਂ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਇਸ ਸਬੰਧੀ ਜਾਣੂੰ ਕਰਵਾਇਆ ਜਾਵੇ ਕਿ ਉਹ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਰੇਤ ਦੀ ਨਿਕਾਸੀ ਨਾ ਕਰਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਭਰ ’ਚ 11 ਮਾਮਲੇ ਦਰਜ ਕੀਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਐਸ.ਪੀ ਇੰਨਵਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਐਸ.ਡੀ.ਐਮ ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ, ਐਸਡੀਐਮ ਅਬੋਹਰ ਜਸਪ੍ਰੀਤ ਸਿੰਘ, ਐਸ.ਡੀ.ਐਮ ਜਲਾਲਾਬਾਦ ਅਵਿਕੇਸ਼ ਗੁਪਤਾ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media