ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਵਿਚ ਵੱਧਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦਿਆਂ ਹਾੜ੍ਹੀ ਦੇ ਇਸ ਸੀਜ਼ਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਣ ਵਿਚ ਫੈਲਦਾ ਜ਼ਹਿਰੀਲਾ ਧੂੰਆਂ ਅੱਖਾਂ ਅਤੇ ਫ਼ੇਫੜਿਆਂ ਦੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦਾ ਹੈ। ਜਿਸ ਕਾਰਨ ਬਹੁਤ ਸਾਰੇ ਲੋਕ ਇੰਨ੍ਹਾਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਲਈ ਸਮੁੱਚੀ ਮਨੁੱਖਤਾ ਨੂੰ ਇੰਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਉਪਰੋਕਤ ਬਿਮਾਰੀਆਂ ਤੋਂ ਇਲਾਵਾ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਅਤੇ ਬਹੁਤ ਸਾਰੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਜਿਸ ਦੇ ਸਿੱਟੇ ਵੱਜੋਂ ਫ਼ਸਲਾਂ ਨੂੰ ਵੱਧ ਬਿਮਾਰੀਆਂ ਲੱਗਦੀਆਂ ਹਨ। ਇਸ ਨਾਲ ਕਿਸਾਨਾਂ ਨੂੰ ਜ਼ਿਆਦਾ ਜ਼ਹਿਰਾਂ ਦਾ ਛਿੜਕਾਅ ਕਰਨਾ ਪੈਂਦਾ ਹੈ। ਜਿੱਥੇ ਇਹ ਜ਼ਹਿਰਾਂ ਵਾਤਾਵਰਣ ਨੂੰ ਪਲੀਤ ਕਰਦੀਆਂ ਹਨ। ਉੱਥੇ ਹੀ ਕਿਸਾਨਾਂ ਦੀ ਆਰਥਿਕਤਾ ਉਪਰ ਵੀ ਇੰਨ੍ਹਾਂ ਦਾ ਵੱਡਾ ਪ੍ਰਭਾਵ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਕੁਤਾਹੀ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਤੋਂ ਇਲਾਵਾ ਜੁਰਮਾਨਾ ਵੀ ਵਸੂਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖ ਜਾਤੀ ਅਤੇ ਕੀੜਿਆਂ ਮਕੌੜਿਆਂ ਦੀਆਂ ਪ੍ਰਜਾਤੀਆਂ ਦੀ ਹੋਂਦ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media