
ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ.ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਤੇ ਜਨਰਲ ਪ੍ਰਬੰਧਕ ਸ੍ਰ:ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ‘ਚ 195 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਪਾਕਿਸਤਾਨ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਸ. ਮਨਜੀਤ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਸਿਰੋਪਾਓ ਤੇ ਫੁੱਲਾਂ ਦੇ ਸਿਹਰੇ ਪਾ ਕੇ ਸ੍ਰ: ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਜਥਾ ਰਵਾਨਾ ਕੀਤਾ। ਇਹ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ 29 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਪਰਤ ਆਵੇਗਾ। ਸ.ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਅਖਬਾਰਾਂ ਅਤੇ ਟੀ.ਵੀ. ਚੈਨਲਾਂ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਏਗਾ ਤੇ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ। ਪਾਕਿਸਤਾਨ ‘ਚ ਮੌਜੂਦਾ ਸਥਿਤੀ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਸਿੱਖ ਪੰਥ ਹਮੇਸ਼ਾ ਸਰਬੱਤ ਦਾ ਭਲਾ ਮੰਗਦਾ ਆਇਆ ਹੈ ਅਤੇ ਇਸੇ ਆਸ ਸਦਕਾ ਉਹ ਪਾਕਿਸਤਾਨ ਜਥੇ ਸਮੇਤ ਜਾ ਰਹੇ ਹਨ। ਵੀਜ਼ਾ ਪ੍ਰਣਾਲੀ ਬਾਰੇ ਪੁੱਛੇ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਵੀਜ਼ਾ ਪ੍ਰਣਾਲੀ ਹੋਰ ਸਰਲ ਹੋਣੀ ਚਾਹੀਦੀ ਹੈ ਤੇ ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਲਹਿੰਦੇ ਪੰਜਾਬ ਦੀ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਦੌਰਾਨ ਮਾਮਲਾ ਉਠਾਇਆ ਸੀ।
ਜਥੇ ਨੂੰ ਰਵਾਨਾ ਕਰਨ ਸਮੇਂ ਸ.ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ 215 ਨਾਵਾਂ ਵਾਲੀ ਸੂਚੀ ਕੇਂਦਰ ਅਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚ 20 ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੇ ਕੱਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ। ਇਸ ਮੌਕੇ ਸ.ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ੍ਰ.ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਜਗਜੀਤ ਸਿੰਘ, ਸ.ਗੁਰਬਚਨ ਸਿੰਘ ਤੇ ਸ.ਭੁਪਿੰਦਰਪਾਲ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਸ.ਪ੍ਰਵਿੰਦਰ ਸਿੰਘ, ਸ.ਗੁਰਦਿਆਲ ਸਿੰਘ, ਸ.ਕਰਨਜੀਤ ਸਿੰਘ, ਸ.ਕਰਮਬੀਰ ਸਿੰਘ, ਸ.ਹਰਜੀਤ ਸਿੰਘ ਲਾਲੂਘੁੰਮਣ, ਸ.ਜਸਵਿੰਦਰ ਸਿੰਘ, ਪ੍ਰੋ:ਸੁਖਦੇਵ ਸਿੰਘ ਤੇ ਸ.ਗੁਰਿੰਦਰਪਾਲ ਸਿੰਘ ਠਰੂ ਇੰਚਾਰਜ, ਸ.ਸੁਖਮਿੰਦਰ ਸਿੰਘ ਐਕਸੀਅਨ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ.ਇੰਦਰਮੋਹਣ ਸਿੰਘ ਅਨਜਾਣ ਤੇ ਸ.ਲਖਵਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ, ਸ.ਅਰਵਿੰਦਰ ਸਿੰਘ ਏ.ਪੀ.ਆਰ.ਓ ਆਦਿ ਹਾਜ਼ਰ ਸਨ।
Punjab Post Daily Online Newspaper & Print Media