ਬਠਿੰਡਾ, 31 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ 13 ਅਪ੍ਰੈਲ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੇਲੇ ਨਾਲ ਸਬੰਧਤ ਵੱਖ-ਵੱਖ ਤਿਆਰੀਆਂ ਦੀ ਵਿਸਥਾਰਤ ਜਾਣਕਾਰੀ 3 ਅਪ੍ਰੈਲ ਤੱਕ ਦੇਣ ਤਾਂ ਜੋ ਸ਼ਰਧਾਲੂਆਂ ਦੀ ਸਹੂਲਤ ਦੇ ਮੱਦੇਨਜ਼ਰ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਸਕਣ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੇਲੇ ਦੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਮੌਜੂਦਾ ਸਥਿਤੀ ਬਾਰੇ ਸਬੰਧਤ ਵਿਭਾਗ 3 ਅਪ੍ਰੈਲ ਤੱਕ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ ਦੇ ਦਫ਼ਤਰ ਵਿਚ ਪੁੱਜਦੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਮੇਲੇ ਵਾਲੀ ਥਾਂ ਅਤੇ ਇਸ ਦੇ ਆਲੇ-ਦੁਆਲੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।ਉਨ੍ਹਾਂ ਦੱਸਿਆ ਕਿ ਮੇਲੇ ਵਾਲੀ ਥਾਂ ’ਤੇ ਕੰਟਰੋਲ ਰੂਮ ਅਤੇ ਮੇਲਾ ਹੈਲਪ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ ਜੋ ਸ਼ਰਧਾਲੂਆਂ ਨੂੰ ਲੋੜੀਂਦੀ ਜਾਣਕਾਰੀ ਜਾਂ ਮਦਦ ਕਰਵਾਉਣ ਵਿਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ ਵੀ ਲੋਕਾਂ ਦੀ ਸਹੂਲਤ ਲਈ ਮੇਲੇ ਤੋਂ ਪਹਿਲਾਂ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਨੂੰ ਆਉਂਦੀਆਂ ਵੱਖ-ਵੱਖ ਸੜਕਾਂ ਦਾ ਟ੍ਰੈਫਿਕ ਪਲਾਨ ਬਣਾਇਆ ਜਾਵੇ ਤਾਂ ਜੋ ਮੇਲੇ ’ਚ ਆਉਣ ਵਾਲੀ ਸੰਗਤ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ਤੋਂ ਵਿਸ਼ੇਸ਼ ਬੱਸਾਂ ਮੇਲੇ ਵਾਲੀ ਥਾਂ ਲਈ ਚਲਾਈਆਂ ਜਾਣਗੀਆਂ।ਉਨ੍ਹਾਂ ਪੀ.ਆਰ.ਟੀ.ਸੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਢੁੱਕਵੀਂ ਗਿਣਤੀ ਵਿਚ ਬੱਸਾਂ ਮੁਹੱਈਆ ਕਰਵਾਉਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫਸਟ-ਏਡ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਦੇ ਨਾਲ-ਨਾਲ ਬਚਾਅ ਕੇਂਦਰ ਵੀ ਸਰੋਵਰ ਨਜ਼ਦੀਕ ਸਥਾਪਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ,ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ਐਸ.ਡੀ.ਐਮ. ਤਲਵੰਡੀ ਸਾਬੋ ਸੁਭਾਸ਼ ਖੱਟਕ, ਐਸ.ਡੀ.ਐਮ. ਮੌੜ ਲਤੀਫ ਅਹਿਮਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰੂਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media