ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਬੀਤੀ 26 ਅਪ੍ਰੈਲ ਦੀ ਸ਼ਾਮ ਨੂੰ ਖ਼ਾਲਸਾ ਕਾਲਜ ਵਿਖੇ ਦੇ ਬੀ.ਐਸ.ਸੀ (ਐਗਰੀਕਲਚਰ) ਸਮੈਸਟਰ 8ਵੇਂ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਫ਼ਾਹਾ ਲੈ ਕੇ ਕੀਤੀ ਗਈ ਖੁਦਕਸ਼ੀ ਦੀ ਜਾਂਚ ਕਰਨ ਸਬੰਧੀ ਅੱਜ ਤੱਥ ਖੋਜ਼ੀ 4 ਮੈਂਬਰੀ ਟੀਮ ਦਾ ਗਠਨ ਕੀਤਾ। ਜਿਸ ’ਚ ਕੌਂਸਲ ਦੇ ਵਿੱਤ ਸਕੱਤਰ ਗੁਨਬੀਰ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ ਅਤੇ ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਨਾਮ ਜ਼ਿਕਰਯੋਗ ਹਨ।ਇਸੇ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਪਹੁੰਚ ਕਰਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਵੱਲੋਂ ਕੀਤੀ ਖੁਦਕਸ਼ੀ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਸਵੀਕਾਰਿਆ ਜਾਵੇਗਾ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਫ਼ਿਸ ਬਿਊਰਜ਼ ਅਤੇ ਪ੍ਰਿੰਸੀਪਲਜ਼ਾਂ ਦੀ ਹੰਗਾਮੀ ਮੀਟਿੰਗ ਉਪਰੰਤ ਕਮੇਟੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਮੇਟੀ ਉਪਰੋਕਤ ਦੁਖਦਾਈ ਘਟਨਾ ਦੇ ਹਰੇਕ ਪਹਿਲੂ ਨੂੰ ਘੋਖਣ ਲਈ ਹਰੇਕ ਪੱਧਰ ਦੇ ਵਿਅਕਤੀਆਂ, ਵਿਦਿਆਰਥੀਆਂ, ਪੀੜਤ ਪਰਿਵਾਰ ਅਤੇ ਕਾਲਜ ਸਟਾਫ਼ ਨੂੰ ਮਿਲ ਕੇ ਉਨ੍ਹਾਂ ਦੇ ਵਿਚਾਰ ਸੁਣੇਗੀ ਅਤੇ ਇਸ ਕਾਰਵਾਈ ਉਪਰੰਤ ਜਲਦ ਹੀ ਆਪਣੀ ਰਿਪੋਰਟ ਮੈਨੇਜ਼ਮੈਂਟ ਨੂੰ ਸੌਂਪੇਗੀ।ਉਨ੍ਹਾਂ ਕਿਹਾ ਕਿ ਕਮੇਟੀ ਡੀਟੇਨ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਪਰਕ ਕਰੇਗੀ ਅਤੇ ਜੇਕਰ ਕਿਸੇ ਤਰ੍ਹਾਂ ਦੀ ਸਟਾਫ਼ ਵੱਲੋਂ ਅਣਗਹਿਲੀ ਜਾਂ ਕੁਤਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਸਬੰਧੀ ਮੁਕੰਮਲ ਜਾਂਚ ਕੀਤੀ ਜਾਵੇਗੀ।
ਛੀਨਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਜਾਰੀ ਕਰਦਿਆਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਸਭਨਾਂ ਦੀਆਂ ਸਾਂਝੀਆਂ ਹੁੰਦੀਆਂ ਹਨ ਅਤੇ ਇਸ ਨੂੰ ਸਿਆਸੀ ਅਖ਼ਾੜਾ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਮੌਤ ’ਤੇ ਉਨ੍ਹਾਂ ਨੂੰ ਅਤੇ ਸਮੂਹ ਮੈਨੇਜ਼ਮੈਂਟ ਨੂੰ ਗਹਿਰਾ ਧੱਕਾ ਲੱਗਾ ਹੈ।ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੇ ਦਿਨ ਹੋਣ ਕਾਰਨ ਇਹ ਯਕੀਨੀ ਬਣਾਇਆ ਜਾਵੇ ਕਿ ਕਾਲਜ ਦੇ ਸ਼ਾਂਤਮਈ ਮਾਹੌਲ ਨੂੰ ਨਾ ਵਿਗਾੜਿਆ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕੁਝ ਬਾਹਰੀ ਤਾਕਤਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸਥਿਤੀ ਨੂੰ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੂੰ ਠੱਲ੍ਹ ਪਾਉਣ। ਉਨ੍ਹਾਂ ਕਿਹਾ ਕਿ ਇਹ ਘਟਨਾ ਕਾਲਜ ਲਈ ਵੀ ਅਤਿ ਦੁਖਦਾਈ ਹੈ, ਜਿਸ ਨਾਲ ਕਾਲਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਪਰ ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਖਿਲਾਫ਼ ਦਰਜ ਕੀਤੀ ਗਈ ਐਫ਼. ਆਈ. ਆਰ. ਨਜਾਇਜ਼ ਅਤੇ ਗੈਰ-ਕਾਨੂੰਨੀ ਹੈ ਅਤੇ ਉਸਨੂੰ ਖਾਰਿਜ਼ ਕੀਤਾ ਜਾਵੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media