ਜੈਂਤੀਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਮੰਤਰੀ ਤੇ ਹਲਕਾ ਮਜੀਠਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਕਿਸਤਾਨ ਭਾਰਤ ਵਿਰੋਧੀ ਸਾਜ਼ਿਸ਼ਾਂ ਅਤੇ ਕਰੂਰਤਾ ਭਰੀਆਂ ਗੈਰ-ਮਨੁੱਖੀ ਕਾਰਵਾਈਆਂ ਤੋਂ ਬਾਜ ਆਉਣ ਵਾਲਾ ਨਹੀਂ ਹੈ ਲਿਹਾਜ਼ਾ ਕੇਂਦਰ ਦੀ ਮੋਦੀ ਸਰਕਾਰ ਨੂੰ ਪਾਕਿਸਤਾਨ ਨੂੰ ਕਰਾਰਾ ਸਬਕ ਸਿਖਾਉਣ ਲਈ ਇੱਟ ਦਾ ਜਵਾਬ ਪੱਥਰ ਨਾਲ ਦੇਣ ਲਈ ਇੱਕ ਹੋਰ ਸਰਜੀਕਲ ਸਟ੍ਰਾਈਕ ਨੂੰ ਅੰਜਾਮ ਦੇਣ ਚਾਹੀਦਾ ਹੈ। ਮਜੀਠੀਆ ਨੇ ਪਿੰਡ ਪਾਖਰਪੁਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿਸਤਾਨੀ ਫੌਜ ਵੱਲੋਂ ਜੰਮੂ ਐਡ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਭੜਕਾਹਟ ਪੈਦਾ ਕਰਨ ਅਤੇ ਦੋ ਭਾਰਤੀ ਸੈਨਿਕਾਂ ਦੇ ਸਿਰ ਕਲਮ ਕਰਨ ਦੀ ਕਰਤੂਤ ‘ਤੇ ਦਰਿੰਦਗੀ ਭਰੀ ਘਿਣਾਉਣੀ ਕਾਰਵਾਈ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।ਉਹਨਾਂ ਕਿਹਾ ਕਿ ਪਾਕਿਸਤਾਨੀ ਅਵਾਮ ਨਾਲ ਆਪਸੀ ਸਹਿਯੋਗ ਪ੍ਰਤੀ ਉਹ ਹਮੇਸ਼ਾਂ ਹੀ ਆਸਵੰਦ ਰਹੇ ਹਾਂ, ਪਰ ਪਾਕਿਸਤਾਨ ਵੱਲੋਂ ਪਿਛਲੇ 6 ਮਹੀਨਿਆਂ ਦੌਰਾਨ ਭਾਰਤੀ ਫੌਜੀਆਂ ਦੇ ਸਿਰ ਕਲਮ ਕਰਨ ਦੀ ਉਕਤ ਤੀਜੀ ਘਟਨਾ ਨੇ ਸਾਬਤ ਕਰ ਦਿਤਾ ਹੈ ਕਿ ਉਹ ਆਪਣੀਆਂ ਕਰਤੂਤਾਂ ਤੋਂ ਬਾਜ ਆਉਣ ਵਾਲਾ ਨਹੀਂ ਹੈ। ਇਸ ਮੌਕੇ ਮਜੀਠੀਆ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਲਗਾਤਾਰ ਵਿਗੜ ਰਹੀ ਸਥਿਤੀ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸੀ ਰਾਜ ਦੇ ਮਾਹੌਲ ਨੂੰ ਵਿਗਾੜਨ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ, ਡਕੈਤੀਆਂ ਅਤੇ ਗੈਗਵਾਰਾਂ ਕਾਰਨ ਪੰਜਾਬ ਦੀ ਅਮਨ ਵਿਵਸਥਾ ਬਦ ਤੋਂ ਬਦਤਰ ਹੋ ਰਹੀ ਹੈ, ਸਮਾਜ ਦੇ ਮਾੜੇ ਅਨਸਰ ਕਾਂਗਰਸ ਦੀ ਸ਼ਹਿ ’ਤੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਅਤੇ ਅਕਾਲੀ ਵਰਕਰਾਂ ’ਤੇ ਜਾਨ ਲੇਵਾ ਹਮਲੇ ਕਰ ਰਹੇ ਹਨ। ਉਹਨਾਂ ਕਿਹਾ ਕਿ ਉਕਤ ਵਾਰਦਾਤਾਂ ਦੀ ਠੀਕ ਤਰਾਂ ਤਹਿਕੀਕਾਤ ਹੋਵੇ ਤਾਂ ਪਤਾ ਚੱਲੇਗਾ ਕਿ ਇਹਨਾਂ ਪਿੱਛੇ ਕਾਂਗਰਸ ਦਾ ਹੀ ਹੱਥ ਹੈ।ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਸਮਝਦਾਰੀ ਅਤੇ ਸਖਤ ਮਿਹਨਤ ਨਾਲ ਰਾਜ ਵਿੱਚ ਅਮਨ ਦਾ ਮਾਹੌਲ ਸਿਰਜ ਕੇ ਦੇਸੀ ਅਤੇ ਵਿਦੇਸ਼ੀ ਪੂੰਜੀ ਨਿਵੇਸ਼ ਨੂੰ ਯਕੀਨੀ ਬਣਾਇਆ ਜਿਸ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਸੰਭਵ ਹੋ ਸਕੀ।ਪਰ ਹੁਣ ਅਮਨ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਖਰਾਬ ਹੋਣ ਨਾਲ ਰਾਜ ਵਿੱਚ ਹੋ ਰਿਹਾ ਪੂੰਜੀ ਨਿਵੇਸ਼ ਪ੍ਰਭਾਵਿਤ ਹੋਵੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media