ਅੰਮ੍ਰਿਤਸਰ 8 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਸਥਿਤ ਯਾਦਗਾਰ ਦੀ ਸਾਂਭ-ਸੰਭਾਲ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇ ਅਤੇ ਸੰਗਤਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਪ੍ਰਬੰਧ ਕਰੇ।ਉਨ੍ਹਾਂ ਕਿਹਾ ਕਿ ਪ੍ਰਾਪਤ ਰਿਪੋਰਟ ਅਨੁਸਾਰ ਇਸ ਯਾਦਗਾਰ ਵਿਖੇ ਆਉਣ ਵਾਲੀ ਸੰਗਤ ਲਈ ਕੁਝ ਜ਼ਰੂਰੀ ਲੋੜਾਂ ਦੀ ਅਣਹੋਂਦ ਹੈ।ਪ੍ਰੋ: ਬਡੂੰਗਰ ਨੇ ਆਖਿਆ ਕਿ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਵਿਸ਼ੇਸ਼ ਮਹੱਤਵ ਰੱਖਦੀਆਂ ਹਨ, ਜਿਨ੍ਹਾਂ ਤੋਂ ਸੰਗਤ ਨੂੰ ਪ੍ਰੇਰਨਾ ਮਿਲਦੀ ਹੈ।ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਵੱਖ-ਵੱਖ ਯਾਦਗਾਰਾਂ ਦੀ ਉਸਾਰੀ ਦਾ ਵਡਮੁੱਲਾ ਉਪਰਾਲਾ ਕੀਤਾ ਗਿਆ ਸੀ ਜੋ ਸੰਗਤਾਂ ਨੂੰ ਵਿਰਾਸਤ ਨਾਲ ਜੋੜਨ ਵਿਚ ਸਹਾਈ ਹੋ ਰਹੀਆਂ ਹਨ।ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਨ੍ਹਾਂ ਯਾਦਗਾਰਾਂ ਦੇ ਰੱਖ-ਰਖਾਅ ਵੱਲ ਵਿਸ਼ੇਸ਼ ਤਵੱਜੋਂ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਵਿਖੇ ਪੰਜਾਬ ਦੀ ਅਕਾਲੀ ਸਰਕਾਰ ਵੱਲੋਂ ਬਣਾਈ ਗਈ ਯਾਦਗਾਰ ਸਰਹਿੰਦ ਫਤਹਿ ਦੇ ਲਾਸਾਨੀ ਇਤਿਹਾਸ ਨੂੰ ਰੂਪਮਾਨ ਕਰਦੀ ਹੈ।ਪ੍ਰੋ: ਬਡੂੰਗਰ ਨੇ ਆਖਿਆ ਕਿ ਸਰਹਿੰਦ ਫਤਹਿ ਦਿਵਸ 12 ਤੋਂ 14 ਮਈ ਤਕ ਸਿੱਖ ਸੰਗਤ ਵੱਲੋਂ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਤਹਿਤ 12 ਮਈ ਨੂੰ ਗੁਰਦੁਆਰਾ ਸਾਹਿਬ ਚੱਪੜ ਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ।ਇਸ ਲਈ ਸੰਗਤ ਦੀ ਆਮਦ ਦੇ ਮੱਦੇਨਜ਼ਰ ਯਾਦਗਾਰ ਵਿਖੇ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਟੂਰਿਜ਼ਮ ਵਿਭਾਗ ਨੂੰ ਆਪਣੀ ਜ਼ਿੰਮੇਵਾਰ ਸਮਝਦਿਆਂ ਕਾਰਵਾਈ ਕਰਨੀ ਚਾਹੀਦੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media