Saturday, September 7, 2024

ਸ਼੍ਰੋਮਣੀ ਕਮੇਟੀ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

PPN290608
ਅੰਮ੍ਰਿਤਸਰ, 29  ਜੂਨ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਂਬਲੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਦੀ ੧੭੫ ਵੀਂ ਸਲਾਨਾ ਯਾਦ ਮਨਾਈ ਗਈ। ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਪਰਸੋਂਂ ਤੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪਾਏ ਗਏ। ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਅੰਮ੍ਰਿਤਮਈ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕੀਰਤਨ ਉਪਰੰਤ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥ ਪ੍ਰਸਿੱਧ ਭਾਈ ਨਿਰਮਲ ਸਿੰਘ ਜੇਠੂਵਾਲ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਭਾਈ ਅਜੈਬ ਸਿੰਘ ਦੇ ਢਾਡੀ ਜਥੇ ਨੇ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਢਾਡੀ ਵਾਰਾਂ ਗਾਈਆਂ। ਭਾਈ ਸਰਵਣ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸਟੇਜ ਸਕੱਤਰ ਦੀ ਸੇਵਾ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ ਬਾਰੇ ਸੰਗਤਾਂ ਨਾਲ ਵਡਮੁੱਲੇ ਵਿਚਾਰ ਸਾਂਝੇ ਕੀਤੇ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਬਾਦਸ਼ਾਹ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਜੀਵਨ ਕਾਲ ਵਿੱਚ ਜਿੱਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਕਰਵਾਈ ਤੇ ਬਹੁਤ ਸਾਰੀ ਜਾਇਦਾਦ ਉਨ੍ਹਾਂ ਦੇ ਨਾਮ ਲਗਵਾਈ, ਓਥੇ ਮੰਦਰਾਂ ਅਤੇ ਮਸੀਤਾਂ ਨੂੰ ਵੀ ਖੁਲ੍ਹ ਕੇ ਦਾਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਹਰ ਧਰਮ ਨਾਲ ਸਬੰਧਤ ਜਰਨੈਲ ਸ਼ਾਮਿਲ ਸਨ। ਭਾਵੇਂ ਉਨ੍ਹਾਂ ਦੇ ਰਾਜ ਨੂੰ ਖਾਲਸਾਈ ਰਾਜ ਕਿਹਾ ਜਾਂਦਾ ਹੈ, ਪਰ ਉਹ ਇਕ ਧਰਮ ਨਿਰਪੱਖ ਰਾਜਾ ਸੀ। ਉਨ੍ਹਾਂ ਕਿਹਾ ਕਿ ਜਿੱਥੇ ਉਹ ਇਕ ਇਨਸਾਫ਼ ਪਸੰਦ ਰਾਜਾ ਸੀ ਓਥੇ ਉਹ ਗੁਰੂ ਘਰ ਦੇ ਵੀ ਅਤੁੱਟ ਸ਼ਰਧਾਲੂ ਸਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਸ੍ਰ: ਬੇਅੰਤ ਸਿੰਘ, ਸ੍ਰ: ਜਤਿੰਦਰ ਸਿੰਘ, ਸ੍ਰ: ਮਹਿੰਦਰ ਸਿੰਘ, ਸ੍ਰ: ਭੂਪਿੰਦਰ ਸਿੰਘ, ਸ੍ਰ: ਸੁਖਰਾਜ ਸਿੰਘ ਐਡੀ: ਮੈਨੇਜਰ, ਸ੍ਰ: ਪਰਮਜੀਤ ਸਿੰਘ ਮੀਤ ਮੈਨੇਜਰ, ਸ੍ਰ: ਮਲਕੀਤ ਸਿੰਘ ਬਹਿੜਵਾਲ, ਸ੍ਰ: ਜਸਵਿੰਦਰ ਸਿੰਘ ਕੁਮੇਦਾਨ ਤੋਂ ਇਲਾਵਾ ਸਮੁੱਚਾ ਸਟਾਫ਼ ਸੱਚਖੰਂਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply