ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸਿੱਖੀ ਦੇ
ਪ੍ਰਚਾਰ ਪ੍ਰਸਾਰ ਲਈ ਅਤੇ ਸਰਹੱਦੀ ਇਲਾਕੇ ਦੇ ਸਿੱਖ ਬੱਚਿਆਂ ਨੂੰ ਆਪਣੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਲਈ ਸ਼ੁਰੂ ਕੀਤੇ ਗੁਰਮਤਿ ਸਿਖਲਾਈ ਕੈਂਪ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਅਟਾਰੀ ਦੇ ਤਿੰਨ ਪਿੰਡਾਂ ਲਈ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹਲਕਾ ਅਟਾਰੀ ਦੇ ਪਿੰਡ ਰਣਗੜ, ਰਣੀਕੇ ਅਤੇ ਭਡਿਆਰ ਵਿਖੇ ਇੱਕ ਮਹੀਨੇ ਦੇ ਲਗਾਏ ਗਏ ਕੈਪਾਂ ਵਿੱਚ 200 ਦੇ ਕਰੀਬ ਬੱਚਿਆਂ ਨੂੰ ਗੁਰਬਾਣੀ, ਗੁਰ-ਇਤਿਹਾਸ, ਸਿੱਖ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਕੈਂਪ ਦੇ ਆਖਰੀ ਦਿਨ ਦੀ ਸਮਾਪਤੀ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਰਣੀਕੇ ਵਿਖੇ ਕੀਤੀ ਗਈ। ਇਸ ਦੌਰਾਨ ਬੱਚਿਆਂ ਨੂੰ ਦਿੱਤੇ ਧਾਰਮਿਕ ਵਿਸ਼ਿਆ ’ਤੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆ ਨੇ ਕਵਿਤਾਵਾਂ, ਕਵੀਸ਼ਰੀ ਅਤੇ ਧਾਰਮਿਕ ਲੈਕਚਰ ਦਿੱਤੇ ਤੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਅੱਵਲ ਆਏ ਬੱਚਿਆ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸ਼ੇਸ਼ ਇਨਾਮ, ਮੈਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਨਮਾਨਿਤ ਕੀਤਾ। ਇਸ ਮੌਕੇ ਸ. ਰਣੀਕੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਸਰਹੱਦੀ ਪਿੰਡਾਂ ਵਿਚ ਗੁਰਮਤਿ ਕੈਂਪ ਲਗਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਹਲਕਾ ਅਟਾਰੀ ਦੇ ਸਰਹੱਦੀ ਪਿੰਡਾਂ ਵਿੱਚ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਲਈ ਅਤੇ ਨੌਜਵਾਨਾਂ ਨੂੰ ਸਿੱਖ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਲਗਾਏ ਗੁਰਮਤਿ ਸਿਖਲਾਈ ਕੈਂਪ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਅੱਗੋਂ ਵੀ ਹਲਕਾ ਅਟਾਰੀ ਦੇ ਪਿੰਡਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਗੁਰਮਤਿ ਸਿਖਲਾਈ ਕੈਂਪ ਲਗਾਉਣ ਲਈ ਪਿੰਡਾਂ ਦੀ ਸੰਗਤ ਅਤੇ ਸਾਡੇ ਵੱਲੋ ਪੂਰਾ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਲਹਿਰ ਨੂੰ ਹਲਕਾ ਅਟਾਰੀ ਦੇ ਪਿੰਡ-ਪਿੰਡ ਵਿਚ ਲਿਜਾ ਕੇ ਨੌਜਵਾਨ ਬੱਚਿਆ ਨੂੰ ਧਾਰਮਿਕ ਸਿੱਖਿਆਵਾਂ ਬਾਰੇ ਜਾਣੂੰ ਕਰਵਾਉਂਦਿਆਂ ਆਉਣ ਵਾਲੇ ਸਮੇਂ ਵਿੱਚ ਹਲਕਾ ਅਟਾਰੀ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਅੰਮ੍ਰਿਤ-ਸੰਚਾਰ ਲਹਿਰ ਵੀ ਆਰੰਭੀ ਜਾਵੇਗੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਵਿੰਦਰ ਸਿੰਘ ਝਬਾਲ, ਜਸਪਾਲ ਸਿੰਘ ਨੇਸ਼ਟਾ, ਸਰਪੰਚ ਹਰਜੀਤ ਸਿੰਘ ਰਣਗੜ, ਸਰਪੰਚ ਞਸੰਮਾ ਸਿੰਘ ਰਣੀਕੇ, ਪ੍ਰਗਟ ਸਿੰਘ ਨੇਸ਼ਟਾ, ਕਸ਼ਮੀਰ ਸਿੰਘ ਭਕਨਾ, ਕੈਪਟਨ ਸਿੰਘ ਭਡਿਆਰ, ਸਵਿੰਦਰ ਸਿੰਘ ਰਣੀਕੇ, ਜੋਗਿੰਦਰ ਸਿੰਘ ਢੋਡੀਵਿੰਡ ਸਮੇਂਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media