ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਦੌਰਾਨ ਸੇਵਾ, ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜਾਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਹੋਏ ਨਿਰਦੋਸ਼ ਹਜ਼ਾਰਾਂ ਸਿੰਘਾਂ, ਸਿੰਘਣੀਆਂ ਤੇ ਮਾਸੂਮ ਬੱਚਿਆਂ ਦੀ ਯਾਦ ਦੇ ਵਿੱਚ ਹਰ ਵਰ੍ਹੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਂਦੇ ਸਲਾਨਾ ਘੱਲੂਘਾਰਾ ਧਾਰਮਿਕ ਸਮਾਰੋਹ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਵੱਲੋਂ ਜੰਗੀ ਪੱਧਰ ਤੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਇਸ ਸਬੰਧੀ ਪਾਰਟੀ ਦੇ ਸਰਗਰਮ ਅਹੁੱਦੇਦਾਰਾਂ ਤੇ ਮੈਂਬਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ 6 ਜੂਨ (ਮੰਗਲਵਾਰ) ਨੂੰ ਮੀਰੀ-ਪੀਰੀ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਹਮਖਿਆਲੀ ਸੰਗਠਨਾਂ ਤੇ ਗੁਰੂ ਘਰ ਦੇ ਅਨਿਨ ਸੇਵਕਾਂ ਨੂੰ ਲੈ ਕੇ ਵਿਸ਼ਾਲ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਟ ਭੇਂਟ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਵਾਰ ਇਸ ਸਮਾਰੋਹ ਦੇ ਦੌਰਾਨ ਲਾਮਿਸਾਲ ਇਕੱਠ ਕੀਤਾ ਜਾਵੇਗਾ ਤੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਕੁਰਬਾਨੀਆਂ ਤੇ ਰੌਸ਼ਨੀ ਪਾਈ ਜਾਵੇਗੀ।ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਹਮਖਿਆਲੀ ਪਾਰਟੀ ਆਗੂਆਂ ਤੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਹੀਰਾ ਘੱਤ ਕੇ 6 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਨਮੁੱਖ ਹੋਣ ਵਾਲੇ ਸ਼ਰਧਾਂਜਲੀ ਸਮਾਰੋਹ ਵਿੱਚ ਪੁਜਣ ਅਤੇ ਜੋ ਨਹੀਂ ਪੁੱਜ ਸਕਦੇ ਉਹ ਵਿਦੇਸ਼ਾਂ ਵਿੱਚ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਸ਼ਰਧਾਂਜਲੀਆਂ ਭੇਂਟ ਕਰਨ।
ਉਨ੍ਹਾਂ ਕਿਹਾ ਕਿ 6 ਜੂਨ ਦਿਹਾੜਾ ਸਿੱਖਾਂ ਲਈ ਅਸਿਹ ਤੇ ਅਕਹਿ ਕਸਟ ਸਹਾਰਨ ਵਾਲਾ ਦਿਹਾੜਾ ਹੈ।ਇਹ ਦਿਨ 6 ਜੂਨ 1984 ਨੂੰ ਵਲੂੰਦਰੇ ਗਏ ਸਿੱਖ ਹਿਰਦਿਆਂ ਦੀ ਯਾਦ ਦਿਵਾਉਂਦਾ ਹੈ।ਉਨ੍ਹਾਂ ਕਿਹਾ ਕਿ ਮੌਕਾ ਪ੍ਰਸਤ ਸਰਕਾਰਾਂ ਨੇ ਸ਼ਹੀਦ ਪਰਿਵਾਰਾਂ ਦੀਆਂ ਕਰਬਾਨੀਆਂ ਨੂੰ ਅੱਖੋਂ ਪਰੋਖੇ ਕੀਤਾ ਹੈ।ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਅ) ਹਰ ਵਰੇ, ਹਰ ਹੀਲੇ ਇਸ ਪ੍ਰੋਗਰਾਮ ਦੀ ਰੂਪ-ਰੇਖਾ ਨੂੰ ਸਫਲਤਾਪੂਰਵਕ ਸਿਰੇ ਚੜਾਉਂਦਾ ਹੈ।ਉਨ੍ਹਾਂ 6 ਜੂਨ ਨੂੰ ਘੱਲੂਘਾਰਾ ਸਮਾਰੋਹਾਂ ਦੇ ਵਿੱਚ ਸਿੱਖ ਸੰਗਤਾਂ ਨੂੰ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media