ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਵਜੋਤ ਸਿੰਘ ਸਿੱਧੂ ਨੂੰ ਖਾਲਸਾ ਪੰਥ ਦੇ ਸ਼ਾਨਾਂਮੱਤੇ ਇਤਿਹਾਸ ਦੇ ਨਾਲ-ਨਾਲ ਸਿੱਖ ਵਿਰਾਸਤ ਦਾ ਸਤਿਕਾਰ ਕਰਦਿਆਂ ਵਿਰਾਸਤੀ ਯਾਦਗਾਰਾਂ ਸਬੰਧੀ ਗਲਤ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਵਿਰਾਸਤ-ਏ-ਖਾਲਸਾ ਲਈ ਚਿੱਟਾ ਹਾਥੀ ਸ਼ਬਦ ਵਰਤਣ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ ਹੈ। ਜਾਰੀ ਇੱਕ ਬਿਆਨ ਵਿਚ ਪ੍ਰੋ: ਬਡੂੰਗਰ ਨੇ ਕਿਹਾ ਕਿ ਸਿੱਖਾਂ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਭਾਰਤ ਦੀ ਆਜ਼ਾਦੀ ਦੇ ਨਾਲ-ਨਾਲ ਇਥੋਂ ਦੇ ਸੱਭਿਆਚਾਰ ਅਤੇ ਵਿਰਾਸਤ ਨੂੰ ਬਚਾਉਣ ਲਈ ਸਿਖ ਕੌਮ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਪ੍ਰੋ: ਬਡੂੰਗਰ ਆਖਿਆ ਕਿ ਮੁਗ਼ਲਾਂ ਅਤੇ ਅੰਗਰੇਜ਼ਾਂ ਨਾਲ ਟੱਕਰ ਲੈ ਕੇ ਸਿੱਖਾਂ ਨੇ ਮਾਣਮੱਤਾ ਇਤਿਹਾਸ ਸਿਰਜਿਆ ਜਿਸਦਾ ਪੂਰੀ ਦੁਨੀਆਂ ਵਿਚ ਕੋਈ ਸਾਨੀ ਨਹੀਂ ਅਤੇ ਵਿਰਾਸਤ-ਏ-ਖਾਲਸਾ ਯਾਦਗਾਰ ਖਾਲਸਾ ਪੰਥ ਦੇ ਇਸੇ ਹੀ ਇਤਿਹਾਸ ਨੂੰ ਰੂਪਮਾਨ ਕਰਦੀ ਹੈ। ਉਨ੍ਹਾਂ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਪ੍ਰਤੀ ਗਲਤ ਸ਼ਬਦਾਵਲੀ ਵਰਤਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਖਿਆ ਕਿ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਉਹ ਸਿੱਖ ਜਗਤ ਤੋਂ ਤੁਰੰਤ ਮੁਆਫੀ ਮੰਗਣ।ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਦੇ ਸਿੱਖ ਵਿਰਾਸਤ ਬਾਰੇ ਕੀਤੇ ਵਿਸ਼ੇਸ਼ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media