ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਨਾਲ ਕੀਤੀ ਸਿਰਜਣਾ- ਸਿੰਘ ਸਾਹਿਬ
ਅੰਮ੍ਰਿਤਸਰ, 2 ਜੁਲਾਈ (ਗੁਰਪ੍ਰੀਤ ਸਿੰਘ)- ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਦਾ ੪੦੮ਵਾਂ ਸਿਰਜਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਤੇ ਸਤਿਗੁਰੂ ਜੀ ਦੀ ਪਾਵਨ ਬਾਣੀ ਦਾ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇ ਵ ਜੀ ਨੇ ਨਿਰਮਲ ਪੰਥ ਚਲਾਇਆ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪਹਿਲਾਂ ਕਹੇ ਹੋਏ ਬਚਨਾਂ ਅਨੁਸਾਰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਪ ਸਿਰਜਣਾ ਕੀਤੀ ਇਸ ਨੂੰ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਪਾਸੋਂ ਤਿਆਰ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅਕਾਲ ਦੇ ਤਖਤ ਦੀ ਉਸਾਰੀ ਸਮੇਂ ਕੋਈ ਵੀ ਮਿਸਤਰੀ ਨਹੀਂ ਲਗਾਇਆ ਗਿਆ। ਇਹ ਤਖਤ ਦੁਨਿਆਵੀ ਤਖਤਾਂ ਨਾਲੋਂ ਮਹਾਨ ਤੇ ਸਰਵਉੱਚ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾਂ ਜ਼ਰਵਾਣੇ ਦੇ ਜੁਲਮ ਨੂੰ ਰੋਕਿਆ ਗਿਆ ਹੈ ਤੇ ਨਿਮਾਣੇ ਦੀ ਸਹਾਇਤਾ ਕਰਨ ਦੇ ਉਪਰਾਲੇ ਕੀਤੇ ਗਏ ਹਨ। ਸਿੰਘ ਸਾਹਿਬ ਨੇ ਕਿਹਾ ਕਿ ਜਿਹੜੇ ਲੋਕ ਖਾਲਸਾ ਪੰਥ ਤੋਂ ਮੁਨਕਰ ਹਨ ਉਹ ਅੱਜ ਦੇ ਇਤਿਹਾਸਕ ਦਿਹਾੜੇ ਮੌਕੇ ਆਪਣੇ ਆਪ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਕਰਕੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਨ ਤੇ ਪੰਥ ਦੀ ਚੜ੍ਹਦੀ-ਕਲਾ ਲਈ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕੁਝ ਪੰਥ ਦੋਖੀ ਸ੍ਰੀ ਅਕਾਲ ਤਖਤ ਸਾਹਿਬ ਦੀ ਸ਼ਕਤੀ ਨੂੰ ਘੱਟ ਕਰਕੇ ਵੇਖ ਰਹੇ ਹਨ ਉਹ ਲੋਕ ਭੁਲੇਖੇ ‘ਚ ਹਨ। ਸ੍ਰੀ ਅਕਾਲ ਤਖਤ ਸਾਹਿਬ ਸੁੰਤਤਰ ਹੈ ਤੇ ਫੈਸਲੇ ਲੈਣ ਦੇ ਸਮਰਥ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਚੱਲਣ ਵਾਲਿਆਂ ਨੂੰ ਸਤਿਗੁਰੂ ਜੀ ਦੀਆਂ ਖੁਸ਼ੀਆਂ ਤੇ ਵਡਿਆਈ ਮਿਲਦੀ ਹੈ ਤੇ ਜਿਹੜੇ ਪੰਥ ਦੋਖੀ ਹੋਣ ਉਨ੍ਹਾਂ ਨੂੰ ਇਥੋਂ ਸਜਾ ਵੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ‘ਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪਹੁੰਚਣਾ ਸੀ ਪ੍ਰੰਤੂ ਪੰਥਕ ਰੁਝੇਵਿਆਂ ਕਰਕੇ ਉਹ ਪਹੁੰਚ ਨਹੀਂ ਸਕੇ। ਸੋ ਉਨ੍ਹਾਂ ਵੱਲੋਂ ਵੀ ਸਮੁੱਚੇ ਖਾਲਸਾ ਪੰਥ ਨੂੰ ਅੱਜ ਦੇ ਇਤਿਹਾਸਕ ਦਿਹਾੜੇ ਦੀ ਬਹੁਤ-ਬਹੁਤ ਵਧਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਹਰਭਜਨ ਸਿੰਘ ਮਨਾਵਾਂ, ਸ.ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ.ਰਣਜੀਤ ਸਿੰਘ ਵਧੀਕ ਸਕੱਤਰ, ਸ.ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਗੁਰਬਚਨ ਸਿੰਘ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ ਤੇ ਸ.ਗੁਰਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ ਤੇ ਸ.ਹਰਜਿੰਦਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ.ਮਲਕੀਤ ਸਿੰਘ ਬਹਿੜਵਾਲ, ਸ.ਬੇਅੰਤ ਸਿੰਘ ਅਨੰਦਪੁਰੀ, ਸ.ਜਤਿੰਦਰ ਸਿੰਘ, ਸ.ਸਤਨਾਮ ਸਿੰਘ, ਸ.ਸੁਖਰਾਜ ਸਿੰਘ ਤੇ ਸ.ਹਰਜਿੰਦਰ ਸਿੰਘ ਐਡੀ:ਮੈਨੇਜਰ, ਇੰਚਾਰਜ ਸ.ਕਰਮਬੀਰ ਸਿੰਘ, ਸ.ਲਖਵਿੰਦਰ ਸਿੰਘ, ਸ.ਹਰਵਿੰਦਰ ਸਿੰਘ ਚੀਫ ਅਕਾਊਟਂੈਂਟ, ਸ.ਗੋਪਾਲ ਸਿੰਘ ਅਕਾਊਂਟੈਂਟ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਤੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਹਾਜ਼ਰ ਸਨ।