ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ
ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦਿਆਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਦੀ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਦੀਪ ਸਿੰਘ ਡੀ.ਐਸ.ਪੀ, ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸਰ (ਸੈ), ਜੋਗਿੰਦਰ ਕੁਮਾਰ ਜਿਲ੍ਹਾ ਸਿੱਖਿਆ ਅਫਸਰ (ਐ), ਰਾਜੇਸ਼ਵਰ ਸਿੰਘ ਸਲਾਰੀਆ ਜਿਲ੍ਹਾ ਸਾਇੰਸ ਸੁਪਰਵਾਇਜਰ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦੇ ਹਾਜਰ ਸਨ।
ਸਹਾਇਕ ਕਮਿਸ਼ਨਰ ਜਨਰਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਵਿੱਚ ਪ੍ਰਦੂਸ਼ਣ ਦਿਨ ਬ ਦਿਨ ਵੱਧ ਰਿਹਾ ਹੈ। ਜਿਸ ਲਈ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਈਏ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖੀਏ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਉਹ ਕੈਂਪਾਂ ਵਿੱਚ ਕਿਸਾਨਾਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਫਸਲਾਂ ਦੇ ਰਹਿੰਦ ਖੁਹਿੰਦ ਨੂੰ ਅੱਗ ਨਾ ਲਗਾਉਣ ਲਈ ਵੀ ਜਾਗਰੂਕ ਕਰਨ।ਉਨ੍ਹਾਂ ਨੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਵਿਸ਼ਵ ਵਾਤਾਵਰਣ ਸਬੰਧੀ ਵਿਦਿਆਰਥੀਆਂ ਦੀ ਮੈਰਾਥਨ ਦੌੜ, ਨੇਚਰ ਕੈਂਪ, ਸੈਮੀਨਾਰ ਅਤੇ ਸਲੋਗਨ ਮੁਕਾਬਲੇ ਕਰਵਾਉਣ ਤਾਂ ਜੋ ਵਿਦਿਆਰਥੀ ਆਪਣੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਨ ਲਈ ਪ੍ਰੇਰਿਤ ਹੋਣ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀ ਨੂੰ ਕਿਹਾ ਕਿ ਉਹ ਲੋਕਾਂ ਅਤੇ ਸਫਾਈ ਸੇਵਕਾਂ ਨੂੰ ਕੂੜਾ ਕਰੱਕਟ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਅਤੇ ਜੇ ਕੋਈ ਵਿਅਕਤੀ ਕੂੜੇ ਨੂੰ ਅੱਗ ਲਗਾਉਂਦਾ ਹੈ ਉਸ ਦਾ ਚਲਾਨ ਕੱਟਣ।ਉਨ੍ਹਾਂ ਕਿਹਾ ਕਿ ਕੂੜੇ ਕਰਕਟ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਵਿਭਾਗਾਂ ਨੂੰ ਵੱਖ ਵੱਖ ਸਮਾਜ ਸੈਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਇਸ ਮੌਕੇ ‘ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦਿਆਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸੂਝਾਅ ਮੰਗੇ। ਉਨ੍ਹਾਂ ਕਿਹਾ ਕਿ ਪੌਦੇ ਲਗਾ ਕੇ ਫੋਟੋ ਖਿਚਵਾਉਣ ਤੱਕ ਸੀਮਤ ਨਾ ਰਹਿ ਕੇ ਸਗੋ ਲਗਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਕਰਕੇ ਇੰਨ੍ਹਾਂ ਦਾ ਪਾਲਣ ਪੋਸ਼ਣ ਕਰਨਾ ਸਾਡੀ ਜਿੰਮੇਵਾਰੀ ਬਣਦੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media