ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਵਿਧਾਨ ਸਭਾ ਅੰਦਰ ਇੱਕ ਸਿੱਖ ਵਿਧਾਇਕ ਪਿਰਮਲ ਸਿੰਘ ਖਾਲਸਾ ਦੀ ਦਸਤਾਰ ਉਤਾਰਨ ਅਤੇ ਕੁੱਝ ਵਿਧਾਇਕਾਂ ਦੀ ਖਿੱਚ-ਧੂਹ
ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਜਿਥੇ ਗੈਰ-ਸੰਜੀਦਾ ਦੱਸਿਆ ਉਥੇ ਹੀ ਸਿੱਖੀ ਦੇ ਗੌਰਵ ਦਸਤਾਰ ਦੀ ਬੇਅਦਬੀ ਕਰਾਰ ਦਿੱਤਾ।ਉਨ੍ਹਾਂ ਆਖਿਆ ਕਿ ਵਿਧਾਨ ਸਭਾ ਦੇ ਇਤਿਹਾਸ ਅੰਦਰ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਚੁਣੇ ਹੋਏ ਲੋਕ ਨੁਮਾਇੰਦੇ ਦੇ ਧਾਰਮਿਕ ਚਿੰਨ੍ਹ ਦੀ ਤੌਹੀਨ ਕੀਤੀ ਗਈ ਹੋਵੇ।ਉਨ੍ਹਾਂ ਇਸ ਨੂੰ ਕਾਂਗਰਸ ਸਰਕਾਰ ਦੀ ਘਟੀਆ ਹਰਕਤ ਆਖਦਿਆਂ ਇਸ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਦਸਤਾਰ ਸਭ ਦੀ ਸਾਂਝੀ ਹੈ ਅਤੇ ਇਸ ਦਾ ਵਿਧਾਨ ਸਭਾ ਅੰਦਰ ਸਤਿਕਾਰ ਬਹਾਲ ਰੱਖਣਾ ਸਪੀਕਰ ਦੀ ਜ਼ਿੰਮੇਵਾਰੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 26 ਜੂਨ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ।
ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜ਼ਖਮੀ ਹੋਏ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਤੇ ਸ. ਮਨਜੀਤ ਸਿੰਘ ਬਿਲਾਸਪੁਰ ਨਾਲ ਚੰਡੀਗੜ੍ਹ ਦੇ ਸੈਕਟਰ 16 ਸਥਿਤ ਜਨਰਲ ਹਸਪਤਾਲ ਵਿਖੇ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਘਟਨਾ ਦੀ ਨਿੰਦਾ ਕੀਤੀ।ਉਨ੍ਹਾਂ ਵਿਧਾਇਕਾਂ ਨੂੰ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਕਾਰਨ ਉਨ੍ਹਾਂ ਦੇ ਨਾਲ ਹੈ ਅਤੇ ਸਿੱਖ ਪਛਾਣ ਦੀ ਲਖਾਇਕ ਦਸਤਾਰ ਦੀ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਲਈ ਆਵਾਜ਼ ਉਠਾਏਗੀ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਕੱਤਰ ਅਵਤਾਰ ਸਿੰਘ ਸੈਂਪਲਾ ਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media