ਪਠਾਨਕੋਟ, 3 ਜੁਲਾਈ (ਪੰਜਾਬ ਪੋਸਟ ਬਿਉਰੋ) – ਭਾਰਤ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨੂੰ ਡਿਜ਼ੀਟਲ ਤਕਨਾਲੋਜੀ ਸਬੰਧੀ ਜਾਣਕਾਰੀ ਦੇਣ ਲਈ ਇੱਕ ਨਵੀ ਯੋਜਨਾ ਪ੍ਰਧਾਨ ਮੰਤਰੀ ਗ੍ਰਾਮੀਣ
ਡਿਜੀਟਲ ਸਾਖਰਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਤਹਿਤ ਜਿਲ੍ਹਾ ਪਠਾਨਕੋਟ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਕੰਪਿਊਟਰ ਚਲਾਉਣ ਅਤੇ ਡਿਜ਼ੀਟਲ ਤਕਨੀਕ ਦੀ ਵਰਤੋਂ ਕਰਨ ਲਈ ਟ੍ਰੇਨਿੰਗ ਦਿੱਤੀ ਜਾਵੇਗੀ।ਇਹ ਜਾਣਕਾਰੀ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫਤਰ ‘ਚ ਪ੍ਰਧਾਨ ਮੰਤਰੀ ਗ੍ਰਾਮੀਣ ਡਿਜੀਟਲ ਸਾਖਰਤਾ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਦਾ ਉਦੇਸ਼ ਦਿਹਾਤੀ ਖੇਤਰ ‘ਚ 6 ਕਰੋੜ ਲੋਕਾਂ ਨੂੰ ਸਿੱਖਿਅਤ ਕਰਨਾ ਹੈ।
ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਇਹ ਇੱਕ ਦੇਸ਼ ਵਿਆਪੀ ਮੁਹਿੰਮ ਹੈ ਜਿਸ ਵਿੱਚ ਹਰ ਗ੍ਰਾਮ ਪੰਚਾਇਤ ‘ਚੋ ਲੋਕਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਡਿਜ਼ੀਟਲੀ ਸਿੱਖਿਅਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 10 ਦਿਨਾਂ ਦੀ ਬੇਸਿਕ ਕੰਪਿਊਟਰ ਟ੍ਰੇਨਿੰਗ ਦਿੱਤੀ ਜਾਵੇਗੀ।ਜਿਸ ਵਿੱਚ ਜਿੱਥੇ ਦਿਹਾਤੀ ਖੇਤਰ ਦੇ ਲੋਕਾਂ ਨੂੰ ਡਿਜੀਟਲ ਤਕਨੌਲਜੀ ਤੋਂ ਜਾਣੂ ਕਰਵਾਉਣਾ, ਉੱਥੇ ਉਨ੍ਹਾਂ ਨੂੰ ਆਨਲਾਈਨ ਬੈਕਿੰਗ ਦੇ ਨਵੇਂ-ਨਵੇਂ ਤਰੀਕਿਆਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਤਹਿਤ ਟ੍ਰੇਨਿੰਗ ਦੇਣ ਲਈ ਜਿਲ੍ਹੇ ਅੰਦਰ ਹੁਣ ਤੱਕ 200 ਸੈਂਟਰ ਖੋਲ੍ਹੇ ਜਾ ਚੁੱਕੇ ਹਨ ਅਤੇ ਹੋਰ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਉਹ ਇਸ ਸਕੀਮ ਤਹਿਤ ਪੂਰਾ ਰੋਡ ਮੈਪ ਅਤੇ ਸਡਿਊਲ ਤਿਆਰ ਕਰਨ ਤਾਂ ਜੋ ਬੀ.ਡੀ.ਪੀ.ਓਜ ਤੇ ਜਿਲ੍ਹਾ ਸਿੱਖਿਆ ਅਫਸਰ ਦੇ ਸਹਿਯੋਗ ਨਾਲ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਖਦੇਵ ਰਾਜ ਬੀ.ਡੀ.ਪੀ.ਓ. ਘਰੋਟਾ, ਹਰਪ੍ਰੀਤ ਸਿੰਘ ਬੀ.ਡੀ.ਪੀ.ਓ ਪਠਾਨਕੋਟ, ਵਿਜੇ ਕੁਮਾਰ ਬੀ.ਡੀ.ਪੀ.ਓ ਧਾਰਕਲਾਂ, ਜਨਕ ਰਾਜ ਬੀ.ਡੀ.ਪੀ.ਓ ਬਮਿਆਲ, ਜੁਗਲ ਕਿਸ਼ੋਰ ਤਕਨੀਕੀ ਸੂਚਨਾ ਅਫਸਰ ਪਠਾਨਕੋਟ ਅਤੇ ਸਬੰਧਤ ਅਧਿਕਾਰੀ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media