ਕੌਮ ਨੂੰ ਇਨਸਾਫ਼ ਮਿਲਣ ਤੱਕ ਸ਼ਾਂਤ ਨਹੀਂ ਹੋਵੇਗਾ ਰੋਸ – ਬਾਬਾ ਹਰਨਾਮ ਸਿੰਘ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ `84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ
ਸ਼ਹੀਦੀ ਗੈਲਰੀ ਦੀ ਕਾਰਸੇਵਾ ਦੀ ਆਰੰਭਤਾ ਅੱਜ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ ।ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਏ ਗਏ ਅਤੇ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ।ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਲਾਂ ਲਿਆ ਕੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਉੱਸਾਰੇ ਗਏ ਗੁਰਦੁਆਰਾ ਯਾਦਗਾਰ ਸ਼ਹੀਦਾਂ ਦੀ ਬੇਸਮੈਂਟ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਗੁਰਦੁਆਰਾ ਯਾਦਗਾਰ ਸ਼ਹੀਦਾਂ ਵਿਖੇ ਜੂਨ `84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਖੰਡਪਾਠਾਂ ਦੀ ਲੜੀ ਸ਼ੁਰੂ ਕਰਦਿਆਂ ਅੱਜ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਅਖੰਡਪਾਠ ਸਾਹਿਬ ਆਰੰਭ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਜੂਨ 1984 ਵਿੱਚ ਵਾਪਰਿਆ ਘੱਲੂਘਾਰਾ ਸਿੱਖ ਕੌਮ ਦੀ ਮਾਨਸਿਕਤਾ ਵਿੱਚ ਕਦੇ ਨਾ ਭੁੱਲਣਯੋਗ ਸਾਕਾ ਹੈ। ਉਨਾਂ ਦਮਦਮੀ ਟਕਸਾਲ ਵੱਲੋਂ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਜੂਨ 84 ਦੀ ਯਾਦਗਾਰ ਨੂੰ ਥੋੜੇ ਸਮੇਂ ਵਿੱਚ ਹੀ ਮੁਕੰਮਲ ਕਰਕੇ ਕੌਮ ਨੂੰ ਸਮਰਪਿਤ ਕਰਨ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਯਾਦਗਾਰ ਉਪਰੰਤ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਸ਼ਹੀਦੀ ਗੈਲਰੀ ਉਸਾਰਨ ਸਬੰਧੀ ਕੀਤੀ ਗਈ ਮੰਗ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰਨ ਉਪਰੰਤ ਇਸ ਦੇ ਨਿਰਮਾਣ ਦਾ ਫੈਸਲਾ ਕੀਤਾ ਅਤੇ ਇਸ ਦੀ ਸੇਵਾ ਵੀ ਦਮਦਮੀ ਟਕਸਾਲ ਨੂੰ ਸੌਂਪੀ ਗਈ।ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦੀ ਗੈਲਰੀ ਸਬੰਧੀ ਦਿੱਤੇ ਜਾ ਰਹੇ ਵਿਵਾਦਿਤ ਬਿਆਨ ਸਬੰਧੀ ਕਿਹਾ ਕਿ ਕੈਪਟਨ ਨੂੰ ਅਮਨ ਸ਼ਾਂਤੀ ਪ੍ਰਤੀ ਚਿੰਤਾ ਨਹੀਂ ਕਰਨੀ ਚਾਹੀਦੀ, ਸਗੋਂ ਕਾਂਗਰਸ ਵੱਲੋਂ ਨਿਰਦੋਸ਼ ਸਿੰਘਾਂ, ਸਿੰਘਣੀਆਂ ਨੂੰ ਕੀਤੇ ਗਏ ਕਤਲ ਪ੍ਰਤੀ ਇਨਸਾਫ਼ ਦਿਵਾਉਣ ਪ੍ਰਤੀ ਚਿੰਤਾ ਹੋਣੀ ਚਾਹੀਦੀ ਹੈ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਹੀਦੀ ਗੈਲਰੀ ਸਬੰਧੀ ਇਤਿਹਾਸਕ ਫੈਸਲਾ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਉਨਾਂ ਵੱਲੋਂ ਸ਼ਹੀਦੀ ਗੈਲਰੀ ਦੀ ਮੰਗ ਸਮੁੱਚੀ ਕੌਮ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖ ਕੇ ਕੀਤੀ ਗਈ।ਉਨਾਂ ਕਿਹਾ ਕਿ ਸ਼ਹੀਦੀ ਗੈਲਰੀ ਵਿੱਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਲਈ ਮਹਾਨ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖ਼ਾਲਸਾ ਤੇ ਉਨਾਂ ਦੇ ਸਾਥੀਆਂ ਤੇ ਨਿਰਦੋਸ਼ ਸਿੰਘਾਂ ਸਿੰਘਣੀਆਂ ਦੀਆਂ ਸੁੰਦਰ ਤਸਵੀਰਾਂ ਲਗਾਈਆਂ ਜਾਣਗੀਆਂ ਅਤੇ ਇਸ ਪ੍ਰਤੀ ਇਤਿਹਾਸ ਪੱਖਾਂ ਨੂੰ ਆਧੁਨਿਕ ਤਰੀਕੇ ਨਾਲ ਦਰਸਾਉਣ ਲਈ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਦਿਆਂ ਸ਼ਹੀਦੀ ਗੈਲਰੀ ਦੇ ਕਾਰਜ ਨੂੰ ਜਲਦੀ ਤੋਂ ਜਲਦੀ ਸੰਪੰਨ ਕੀਤਾ ਜਾਵੇਗਾ।
ਦਮਦਮੀ ਟਕਸਾਲ ਦੇ ਮੁਖੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦੀ ਗੈਲਰੀ ਸਬੰਧੀ ਜਤਾਏ ਗਏ ਇਤਰਾਜ਼ ਨੂੰ ਦਰਕਿਨਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਦੋਂ ਵੀ ਹਕੂਮਤ ਆਈ ਇਨਾਂ ਨੇ ਪੰਜਾਬ ਦੇ ਲੋਕਾਂ ਉੱਪਰ ਅੱਤਿਆਚਾਰ ਕੀਤੇ ਹਨ।ਸ੍ਰੀ ਦਰਬਾਰ ਸਾਹਿਬ `ਤੇ ਫੌਜੀ ਹਮਲਾ ਕਰਨ ਵਾਲੀ ਕਾਂਗਰਸ ਅਤੇ ਉਸ ਦੇ ਆਗੂਆਂ ਵੱਲੋਂ ਪੰਥ ਦੇ ਭਲੇ ਦੀ ਆਸ ਨਹੀਂ ਰੱਖਦੇ ਹਨ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਸ਼ਹੀਦੀ ਗੈਲਰੀ ਨਾਲ ਕੌਮ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ ।
ਇਸ ਮੌਕੇ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ, ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਘਬੀਰ ਸਿੰਘ, ਜਥੇਦਾਰ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਹਰਚਰਨ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ, ਭਾਈ ਹੀਰਾ ਸਿੰਘ ਕੈਨੇਡਾ, ਭਾਈ ਅਮਨਦੀਪ ਸਿੰਘ ਯੂ.ਐਸ.ਏ, ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਪ੍ਰੋ: ਸਰਚਾਂਦ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media