ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ
ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਖਿਆ।ਇਸ ਪੱਤਰ ਅਨੁਸਾਰ ਭਾਰਤੀ ਸੰਵਿਧਾਨ ਵਿਚ 22 ਖੇਤਰੀ ਭਾਸ਼ਾਵਾਂ ਨੂੰ ਮਾਨਤਾ ਪ੍ਰਾਪਤ ਹੈ ਜਿਸ ਵਿਚ ਪੰਜਾਬੀ ਵੀ ਸ਼ਾਮਲ ਹੈ। ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਵਜੋਂ ਲਾਗੂ ਨਾ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਬਿਨਾਂ ਭਾਰਤ ਦੇ ਕਿਸੇ ਵੀ ਸੂਬੇ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਵਿਚ ਅੰਗਰੇਜ਼ੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਹਾਸਲ ਨਹੀਂ ਹੈ।ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ ਲਗਭਗ 13 ਲੱਖ ਲੋਕ ਵੱਸਦੇ ਹਨ, ਜਿਨ੍ਹਾਂ ਵਿਚੋਂ ਕਿਸੇ ਦੀ ਵੀ ਮਾਂ ਬੋਲੀ ਅੰਗਰੇਜ਼ੀ ਨਹੀਂ ਹੈ, ਫਿਰ ਇਥੇ ਅੰਗਰੇਜ਼ੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣਾ ਕਿੰਨਾ ਕੁ ਉਚਿਤ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀਆਂ ਸੜਕਾਂ ਉਪਰ ਲੱਗੇ ਸਾਈਨ ਬੋਰਡਾਂ ਵਿਚ ਕਿਤੇ ਵੀ ਪੰਜਾਬੀ ਮਾਂ ਬੋਲੀ ਦੀ ਝਲਕ ਵਿਖਾਈ ਨਹੀਂ ਦਿੰਦੀ।ਪਰ ਅੱਜ ਪ੍ਰਸ਼ਾਸਨ ਦੀ ਬੇਰੁਖੀ ਕਾਰਨ ਸਾਈਨ ਬੋਰਡ ਸਿਰਫ ਅੰਗਰੇਜ਼ੀ ਭਾਸ਼ਾ ਤਕ ਹੀ ਸਿਮਟ ਕੇ ਰਹਿ ਗਏ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨੂੰ ਚੰਡੀਗੜ੍ਹ ਵਿਚ ਹਿੰਦੀ ਜਾਂ ਅੰਗਰੇਜ਼ੀ ਵਿਚ ਹੀ ਦਸਤਖਤ ਕਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ।ਪੰਜਾਬ ਦੀ ਆਪਣੀ ਰਾਜਧਾਨੀ ਵਿਚ ਹੀ ਪੰਜਾਬੀ ਭਾਸ਼ਾ ਨਾਲ ਕੀਤਾ ਜਾਂਦਾ ਇਹ ਵਿਤਕਰਾ ਗ਼ੈਰਸੰਵਿਧਾਨਕ ਹੈ।
ਉਨ੍ਹਾਂ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਵਿਚ ਪੰਜਾਬੀ ਮਾਂ ਬੋਲੀ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਤਰੁੰਤ ਬੰਦ ਕਰਕੇ ਸਾਰੇ ਦਫਤਰਾਂ ਵਿਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਦਿਆਂ ਪੰਜਾਬੀ ਵਿਚ ਹੀ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ।ਦੱਸਣਯੋਗ ਹੈ ਕਿ ਪ੍ਰੋ: ਬਡੂੰਗਰ ਪੰਜਾਬ ਦੇ ਗਵਰਨਰ ਨੂੰ ਇਸ ਸਬੰਧੀ ਮਾਰਚ 2017 ਵਿੱਚ ਵੀ ਪੱਤਰ ਲਿਖ ਚੁਕੱੇ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media