ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ
ਛੀਨਾ ਨੇ ਕਾਂਗਰਸੀ ਗਠਜੋੜ ਦੀ ਵਿਰੋਧੀ ਉਮੀਦਵਾਰ ਨੂੰ ਹਰਾਉਂਦਿਆਂ 65.65 ਫ਼ੀਸਦੀ ਵੋਟ ਹਾਸਲ ਕਰਕੇ ਦੇਸ਼ ਦੇ 14ਵੇਂ ਰਾਸ਼ਟਰਪਤੀ ਬਣਨ ’ਤੇ ਰਾਮਨਾਥ ਕੋਵਿੰਦ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਇਸ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ ਹੈ।ਛੀਨਾ ਨੇ ਇਸ ਮੌਕੇ ਰਾਸ਼ਟਰਪਤੀ ਕੋਵਿੰਦ ਨੂੰ ਗੁਰੂ ਨਗਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਦਾ ਸੱਦਾ ਵੀ ਦਿੱਤਾ।
ਛੀਨਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵਲੋਂ ਪਾਰਟੀ ਦੀ ਸੰਸਦੀ ਬੋਰਡ ਦੀ ਮੀਟਿੰਗ ’ਚ ਕੀਤਾ ਗਿਆ ਐਲਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦੀ ਦੂਰਅੰਦੇਸ਼ੀ ਸਦਕਾ ਲਿਆ ਉਚਿਤ ਫੈਸਲਾ ਦੇਸ਼ ਅਤੇ ਸਮਾਜ ਦੇ ਹਿੱਤ ਸ਼ਾਨਦਾਰ ਨਤੀਜ਼ੇ ਵਜੋਂ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੋਵਿੰਦ ਦੇ ਰਾਸ਼ਟਰਪਤੀ ਵਜੋਂ ਚੁਣੇ ਜਾਣ ਨਾਲ ਭਾਜਪਾ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ ਅਤੇ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਛੀਨਾ ਨੇ ਕਿਹਾ ਕਿ ਕੋਵਿੰਦ ਰਾਸ਼ਟਰਪਤੀ ਵਰਗੇ ਉੱਚ ਤੇ ਮਹਾਨ ਅਹੁੱਦੇ ਲਈ ਸੂਝਵਾਨ, ਪੜ੍ਹੇ-ਲਿਖੇ ਅਤੇ ਕਾਬਿਲ ਇਨਸਾਨ ਹਨ।ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਉਚ ਪੱਧਰੀ ਮੀਟਿੰਗਾਂ ’ਚ ਕਈ ਵਾਰ ਉਨ੍ਹਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਦਲਿਤ ਪਰਿਵਾਰ ਨਾਲ ਸਬੰਧਿਤ ਕੋਵਿੰਦ ਇਕ ਗਰੀਬ ਪਰਿਵਾਰ ’ਚ ਜਨਮੇ ਤੇ ਭਾਜਪਾ ਦੇ ਪ੍ਰਮੁੱਖ ਆਗੂਆਂ ’ਚੋਂ ਇਕ ਹਨ ਅਤੇ ਉਹ ਦੇਸ਼ ਦੇ ਪਹਿਲੇ ਨਾਗਰਿਕ ਅਤੇ ਸੈਨਾਵਾਂ ਦੇ ਕਮਾਂਡਰ ਵਜੋਂ ਦੇਸ਼ ਦੀ ਵਾਂਗਡੋਰ ਸੰਭਾਲਦਿਆਂ ਭਾਰਤ ਨੂੰ ਦੁਨੀਆ ਭਰ ’ਚ ਉਚਤਮ ਵਿਕਾਸਸ਼ੀਲ ਦੇਸ਼ ਸਥਾਪਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media