
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਥਾਪਿਤ ਕਰਨ ਦੀ ਸਖਤ ਅਲੋਚਨਾ ਕੀਤੀ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਸ. ਲੋਧੀਨੰਗਲ ਨੇ ਕਿਹਾ ਕਿ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਹਰਿਆਣਾ ਸਰਕਾਰ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ ਪਰ ਇਹ ਸਾਰਾ ਕੁਝ ਜਾਣਦੇ ਹੋਏ ਵੀ ਹੁੱਡਾ ਨੇ ਇਹ ਇੱਕ ਸਿਆਸੀ ਡਰਾਮੇਬਾਜ਼ੀ ਕੀਤੀ ਹੈ।
ਸ. ਲੋਧੀਨੰਗਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਿੱਖਾਂ ਨੂੰ ਵੰਡਣ ਦੀ ਇਹ ਚਾਲ ਕਦੀ ਵੀ ਕਾਮਯਾਬ ਨਹੀਂ ਹੋਵੇਗੀ ਅਤੇ ਕਾਂਗਰਸ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਭਾਈਚਾਰਾ ਆਪਣੇ ਧਾਰਮਿਕ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੇ ਦਖਲ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਚ ਸਾਰੀਆਂ ੧੧ ਸੀਟਾਂ ਸ਼੍ਰੋਮਣੀ ਅਕਾਲੀ ਦਲ ਨੇ ਜਿੱਤੀਆਂ ਸਨ ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਹਰਿਆਣੇ ਦੇ ਸਿੱਖ ਵੀ ਵੱਖਰੀ ਕਮੇਟੀ ਦੇ ਹਾਮੀਂ ਨਹੀਂ ਹਨ। ਪੰਜਾਬ ਦੇ ਕਾਂਗਰਸੀ ਆਗੂਆਂ ਵੱਲੋਂ ਵੀ ਵੱਖਰੀ ਕਮੇਟੀ ਦੀ ਹਮਾਇਤ ਕਰਨ ‘ਤੇ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਇਹ ਆਗੂ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਪਾਰਟੀ ਦੇ ਸਿੱਖ ਆਗੂਆਂ ਨੂੰ ਪਾਰਟੀ ਨਾਲੋਂ ਆਪਣੀ ਕੌਮ ਦੇ ਹਿੱਤ ਉਪਰ ਰੱਖਣੇ ਚਾਹੀਦੇ ਹਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media