Sunday, March 8, 2026

ਯੂ.ਕੇ ਦੇ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂ.ਕੇ ਵਿਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ ਢੇਸੀ ਅੱਜ ਰੂਹਾਨੀਅਤ ਦੇ PPN2607201723ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਢੇਸੀ ਦੇ ਪਿਤਾ ਜਸਪਾਲ ਸਿੰਘ ਢੇਸੀ, ਚਾਚਾ ਪਰਮਜੀਤ ਸਿੰਘ ਰਾਏਪੁਰ ਵੀ ਉਨ੍ਹਾਂ ਨਾਲ ਸਨ।ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਭਾਈ ਸੁਲਤਾਨ ਸਿੰਘ ਪਾਸੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪ੍ਰਾਪਤ ਕਰਨ ਉਪਰੰਤ ਇਕਾਗਰਤਾ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ।ਇਸ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਪਰਿਕਰਮਾ ਕਰਦਿਆਂ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਅਸਥਾਨਾਂ ਦੀ ਇਤਿਹਾਸਕ ਮਹਾਨਤਾ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿਚ ਵਿਸ਼ੇਸ਼ ਰੁਚੀ ਦਿਖਾਈ।
ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਗਾਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਤਨਮਨਜੀਤ ਸਿੰਘ ਢੇਸੀ ਨੂੰ ਸ੍ਰੀ ਸਾਹਿਬ, ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ। PPN2607201724
ਸਨਮਾਨ ਸਮਾਗਮ ਦੌਰਾਨ ਬੋਲਦਿਆਂ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਦੁਆਰਾ ਹੀ ਉਨ੍ਹਾਂ ਨੂੰ ਇਹ ਮਾਣ ਮਿਲਿਆ ਹੈ ਜਿਸ ਲਈ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ।ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦਾ ਉਤਸ਼ਾਹ ਅਤੇ ਅਗਵਾਈ ਮੇਰੇ ਲਈ ਸਦਾ ਪ੍ਰੇਰਨਾ ਵਜੋਂ ਕੰਮ ਕਰਦੀ ਰਹੀ ਹੈ।ਇਸ ਲਈ ਮੇਰਾ ਫਰਜ਼ ਹੈ ਕਿ ਮੈਂ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਰਬੱਤ ਦੇ ਭਲੇ ਲਈ ਕੰਮ ਕਰਾਂ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਸ਼ਾਨ ਤੇ ਪਹਿਚਾਣ ਹੈ ਜਦਕਿ ਸਿੱਖੀ ਦੀਆਂ ਕਦਰਾਂ ਕੀਮਤਾਂ ਸਿੱਖ ਲਈ ਜੀਵਨ ਜਾਚ। ਫਰਾਂਸ ਵਿਚ ਦਸਤਾਰ ਦੇ ਮਸਲੇ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਯੂ.ਕੇ ਦੀ ਸੰਸਦ ਵਿਚ ਉਠਾ ਚੁੱਕੇ ਹਨ ਅਤੇ ਇਸਦੇ ਹੱਲ ਲਈ ਸਦਾ ਯਤਨਸ਼ੀਲ ਰਹਿਣਗੇ।ਉਨ੍ਹਾਂ ਨੌਜੁਆਨੀ ਨੂੰ ਅਪੀਲ ਕੀਤੀ ਕਿ ਸਾਬਤ ਸੂਰਤ ਰਹਿੰਦਿਆਂ ਦਸਤਾਰ ਦੀ ਸ਼ਾਨ ਨੂੰ ਵਧਾਉਣ ਲਈ ਅੱਗੇ ਆਉਣ। 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੀਤੀ ਗਈ ਸਿੱਖ ਨਸਲਕੁਸ਼ੀ ਨੂੰ ਮੰਦਭਾਗਾ ਕਰਾਰਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਦਸਤਾਰ ਕਿਸੇ ਵੀ ਤਰੱਕੀ ਜਾਂ ਕੰਮ ਵਿਚ ਕਦੇ ਵੀ ਅੜਿੱਕਾ ਨਹੀਂ ਬਣਦੀ ਸਗੋਂ ਇਹ ਸਾਡੀ ਵੱਖਰੀ ਪਹਿਚਾਣ ਨਿਰਧਾਰਤ ਕਰਦੀ ਹੈ।ਢੇਸੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਅਹੁਦੇਦਾਰਾਂ ਦਾ ਧੰਂਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਰਵਉਚ ਸੰਸਥਾ ਵੱਲੋਂ ਮਿਲਿਆ ਸਨਮਾਨ ਉਨ੍ਹਾਂ ਦੇ ਜੀਵਨ ਦਾ ਹਾਸਲ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਯਾਦਗਾਰੀ ਪਲਾਂ ਨੂੰ ਉਹ ਹਮੇਸ਼ਾ ਯਾਦ ਰੱਖਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਬਲਵਿੰਦਰ ਸਿੰਘ ਵੇਈਂਪੂਈਂ, ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਅਜਾਇਬ ਸਿੰਘ ਅਭਿਆਸੀ, ਅਮਰੀਕ ਸਿੰਘ ਵਿਛੋਆ, ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply