ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ
ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਬੀਤੇ ਕੱਲ੍ਹ ਤੋਂ ਆਰੰਭ ਹੋਏ ਇਸ ਜੋੜ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਸਮੇਂ ਸੱਜੇ ਦੀਵਾਨਾਂ ਵਿਚ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ।ਜ਼ਿਕਰਯੋਗ ਹੈ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਵਾਰ ਬਾਬਾ ਬਕਾਲਾ ਸਾਹਿਬ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਦੇ ਸੰਦਰਭ ਵਿਚ ਇਸ ਦਿਨ ਨੂੰ ‘ਸਾਚਾ ਗੁਰੂ ਲਾਧੋ ਰੇ’ ਵਜੋਂ ਮਨਾਉਣ ਦੀ ਪਹਿਲਕਦਮੀ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਹੈਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਮੈਂਬਰ ਬਲਜੀਤ ਸਿੰਘ ਜਲਾਲ ਉਸਮਾਂ, ਅਮਰਜੀਤ ਸਿੰਘ ਬੰਡਾਲਾ, ਅਮਰਜੀਤ ਸਿੰਘ ਭਲਾਈਪੁਰ, ਬਿਕਰਮਜੀਤ ਸਿੰਘ ਕੋਟਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾ ਕੋਹਨਾ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੇਜਰ ਸਿੰਘ ਮੈਨੇਜਰ, ਮੋਹਣ ਸਿੰਘ ਮੀਤ ਮੈਨੇਜਰ, ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਰਾਜਿੰਦਰ ਸਿੰਘ ਰੂਬੀ ਸੁਪਰਵਾਈਜ਼ਰ, ਸਤਨਾਮ ਸਿੰਘ ਤੇ ਨਰਿੰਦਰ ਸਿੰਘ ਐਡੀ:ਮੈਨੇਜਰ, ਮੁਖਤਿਆਰ ਸਿੰਘ, ਬਾਬਾ ਅਵਤਾਰ ਸਿੰਘ ਕਾਰਸੇਵਾ ਵਾਲੇ, ਡਾ. ਜਗਜੀਤ ਕੌਰ ਮਸਾਣੀਆਂ ਆਦਿ ਹਾਜ਼ਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media