Friday, March 20, 2026

ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈੱਸ ਰਿਹਰਸਲ
ਅੰਮਿ੍ਤਸਰ, 13 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 71ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ PPN1308201719ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਬਿਜਲੀ ਅਤੇ ਸਿੰਚਾਈ ਮੰਤਰੀ, ਪੰਜਾਬ ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ ਸਟੇਡੀਅਮ ਵਿਖੇ ਕੀਤੀ ਗਈ ਜਿਸ ਦਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵ ਨੇ ਜਾਇਜ਼ਾ ਲਿਆ।
ਇਸ ਮੌਕੇ ਪਰੇਡ ਕਮਾਂਡਰ ਤੇਜਬੀਰ ਸਿੰਘ ਹੁੰਦਲ ਏ.ਸੀ.ਪੀ. ਦੀ ਅਗਵਾਈ ਵਿਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਸਕਾੳਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਨੇ ਪਰੇਡ ਵਿਚ ਹਿੱਸਾ ਲਿਆ ਅਤੇ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਅਧਾਰਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਇਨਾਮਾਂ ਤੇ ਸਨਮਾਨਾਂ ਦੀ ਵੰਡ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 15 ਅਗਸਤ 1947 ਨੂੰ ਸਾਡਾ ਮੁਲਕ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ ਅਤੇ ਸਮੂਹ ਦੇਸ਼ ਵਾਸੀਆਂ ਲਈ ਇਹ ਗੌਰਵਮਈ ਦਿਨ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਜ਼ਿਲਾ ਅਧਿਕਾਰੀਆਂ ਨਾਲ ਇਕ ਰਿਵੀੳੂ ਮੀਟਿੰਗ ਕਰਦਿਆਂ ਕਿਹਾ ਕਿ ਦੇਸ਼ ਭਗਤੀ ਦਾ ਜਜ਼ਬਾ ਅਤੇ ਦੇਸ਼ ਪ੍ਰੇਮ ਦੀ ਭਾਵਨਾ ਨੂੰ ਕਾਇਮ ਰੱਖਦੇ ਹੋਏ ਸਾਰੇ ਅਧਿਕਾਰੀ ਤੇ ਕਰਮਚਾਰੀ ਇਸ ਸਮਾਗਮ ਨੂੰ ਕੇਵਲ ਸਰਕਾਰੀ ਸਮਾਗਮ ਤੱਕ ਸੀਮਤ ਨਾ ਰੱਖਣ ਸਗੋਂ ਇਸ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਪੁਲਿਸ ਕਮਿਸ਼ਨਰ ਐਸ ਸ੍ਰੀਵਾਸਤਵ ਨੇ ਇਸ ਮੌਕੇ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਸੁਤੰਤਰਤਾ ਦਿਵਸ ਸਮਾਰੋਹ ਨੂੰ ਦੇਖਣ ਲਈ ਪੁੱਜਣ ਵਾਲੇ ਲੋਕਾਂ ਦੇ ਸੁਖਾਵੇਂ ਦਾਖਲੇ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਸਟੇਡੀਅਮ ਵੱਲ ਆਉਣ ਵਾਲੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਆਦਿ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡੀ. ਸੀ. ਪੀ ਸ੍ਰੀ ਏ.ਐਸ.ਪਵਾਰ, ਐਸ.ਡੀ.ਐਮ-1 ਸ੍ਰੀ ਨਿਤੀਸ਼ ਸਿੰਗਲਾ, ਐਸ.ਡੀ.ਐਮ-2 ਰਾਜੇਸ਼ ਸ਼ਰਮਾ, ਵਿਕਾਸ ਹੀਰਾ ਅਸਿਸਟੈਂਟ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਅਸਿਸਟੈਂਟ ਕਮਿਸ਼ਨਰ ਸ਼ਿਕਾਇਤਾਂ, ਅਰਵਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ ਅਤੇ ਜਤਿੰਦਰ ਸਿੰਘ ਐਕਸੀਅਨ ਬਿਜਲੀ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply