ਬਟਾਲਾ, 24 ਅਗਸਤ (ਪੰਜਾਬ ਪੋਸਟ- ਨਰਿਦਰ ਬਰਨਾਲ) – ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ
ਖੂੰਹਦ ਨੂੰ ਖੁੱਲੇ ਵਿੱਚ ਸਾੜਣ `ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਮਰਕੱਸੇ ਕਰ ਲਏ ਗਏ ਹਨ।ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ `ਚ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਕੋਲ ਉਨਾਂ ਦੇ ਖੇਤਾਂ ਤੱਕ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਖੇਤੀਬਾੜੀ ਵਿਕਾਸ ਅਧਿਕਾਰੀ ਪਰਮਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਦੱਸਣ ਲਈ ਪਿੰਡਾਂ `ਚ ਜਾਗਰੂਕਤਾ ਕੈਂਪ ਲਗਾਏ ਜਾਣਗੇ।
ਖੇਤੀਬਾੜੀ ਅਧਿਕਾਰੀ ਪਰਮਬੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘਟ ਜਾਂਦੀ ਹੈ, ਜਿਸ ਕਾਰਨ ਸੜਕੀ ਦੁਰਘਟਨਾਵਾਂ ਵਧ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ।ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਖੇਤਾਂ ਦੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਜਿਨਾਂ ਕਾਰਨ ਫਸਲੀ ਪੈਦਾਵਾਰ ਘੱਟ ਹੋ ਜਾਂਦੀ ਹੈ।ਕਾਹਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਨੂੰ ਖੇਤਾਂ `ਚ ਹੀ ਵਾਹੁਣਾ ਚਾਹੀਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਖੇਤਾਂ `ਚ ਪਰਾਲੀ ਨੂੰ ਅੱਗ ਨਾ ਲਗਾਉਣ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਜਾਂ ਕਿਸੇ ਸਲਾਹ ਲਈ ਕਿਸਾਨ ਆਪਣੇ ਨੇੜੇ ਦੇ ਖੇਤੀਬਾੜੀ ਦਫਤਰ `ਚ ਸੰਪਰਕ ਕਰ ਸਕਦੇ ਹਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media