ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਆਪਣੇ ਚੋਣ ਮਨੋਰਥ ਪੱਤਰ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ `ਤੇ ਕਾਬਜ਼ ਹੋਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਕਿਸਾਨੀ ਲਈ ਕੁੱਝ ਨਹੀਂ ਕੀਤਾ ਬਲਕਿ ਉਨ੍ਹਾਂ ਨੂੰ ਆਰਥਿਕ ਮੰਦਹਾਲੀ ਦਾ ਸ਼ਿਕਾਰ ਬਣਾ ਕੇ ਰੱਖ ਦਿੱਤਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਅੱਜ ਇੱਥੇ ਕੀਤਾ।ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਫਸਲੀ ਚੱਕਰ ਦੇ ਵਿੱਚ ਫਸ ਕੇ ਆਪਣਾ ਵੱਡੇ ਪੱਧਰ ਤੇ ਜਾਨੀ ਮਾਲੀ ਨੁਕਸਾਨ ਕਰਵਾ ਚੁੱਕੇ ਹਨ ਤੇ ਹੁਣ ਖੁਦਕਸ਼ੀਆਂ ਦੇ ਆਲਮ ਵਿੱਚ ਪੰਜਾਬ ਦੀ ਕਿਸਾਨੀ ਰੁਲ ਕੇ ਰਹਿ ਗਈ ਹੈ।ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਂਵਾ ਡੋਲ ਹੋਈ ਬੈਠੀ ਪੰਜਾਬ ਦੀ ਕਿਸਾਨੀ ਨਾਲ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਜੋ ਕੋਰਾ ਝੂਠ ਸਾਬਿਤ ਹੋਇਆ।ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਬੀਤੇ ਸਮੇਂ ਦੇ ਮੁਕਾਬਲੇ ਖੁਦਕਸ਼ੀਆਂ ਦੇ ਗ੍ਰਾਫ ਵਿੱਚ ਵਾਧਾ ਹੋਇਆ ਹੈ ਅਤੇ ਪੰਜਾਬ ਦੇ ਕਿਸਾਨ ਤੇ ਕਿਸਾਨੀ ਦੀ ਹਾਲਤ ਬਦ ਤੋਂ ਬੱਦਤਰ ਹੋ ਕੇ ਰਹਿ ਗਈ ਹੈ।ਉਨ੍ਹਾਂ ਕਿਹਾ ਕਿ ਇਸ ਸਿਲਸਿਲੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੈਤਿਕਤਾ ਦੇ ਆਧਾਰ ਅਸਤੀਫਾ ਦੇ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਆਪਣੀਆਂ ਹੱਕੀ ਮੰਗਾਂ ਤੇ ਕਰਜ਼ਾਂ ਮੁਆਫੀ ਨੂੰ ਲੈ ਕੇ ਸੰਘਰਸ਼ ਤੇ ਘੋਲ ਕਰਨ ਦੀ ਅਪੀਲ ਕਰਦਿਆਂ ਇਸ ਸਬੰਧੀ ਠੋਸ ਨੀਤੀ ਤਿਆਰ ਕਰਨ ਦੀ ਬੇਨਤੀ ਕੀਤੀ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ (ਅ) ਹਮੇਸ਼ਾ ਕਿਸਾਨਾ ਦੇ ਨਾਲ ਰਿਹਾ ਹੈ ਤੇ ਭਵਿੱਖ ਵਿੱਚ ਵੀ ਰਹੇਗਾ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media