ਅੰਮ੍ਰਿਤਸਰ 15 ਸਤੰਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਬ ਟੀ.ਵੀ ’ਤੇੇ ਚੱਲਦੇ ਸੀਰੀਅਲ ‘ਤਾਰਿਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਰੋਸ਼ਨ ਸਿੰਘ ਸੋਢੀ ਨਾਂ ਦੇ ਇਕ ਪਾਤਰ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਂਗ ਪੇਸ਼ ਕਰਨ ’ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਦੇ ਨਿਰਮਾਤਾ ਸਮੇਤ ਹੋਰ ਸਬੰਧਤਾਂ ਅਤੇ ਟੀ.ਵੀ ਚੈਨਲ ਵੱਲੋਂ ਕੀਤੀ ਇਹ ਹਰਕਤ ਮੁਆਫ਼ੀਯੋਗ ਨਹੀਂ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦਾ ਰੋਲ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਹੈ, ਇਸ ਲਈ ਇਸ ਘਟਨਾ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਚੈਨਲ ਵੱਲੋਂ ਇਸੇ ਸੀਰੀਅਲ ਵਿਚ ਹੀ ਸਿੱਖ ਪ੍ਰੰਪਰਾਵਾਂ ਦੇ ਵਿਰੁੱਧ ਫਿਲਮਾਂਕਣ ਕੀਤਾ ਗਿਆ ਸੀ ਅਤੇ ਹੁਣ ਦੁਬਾਰਾ ਫਿਰ ਅਜਿਹੀ ਹਰਕਤ ਕਰਨ ਨਾਲ ਇਹ ਸਿੱਧ ਹੋਇਆ ਹੈ ਕਿ ਇਹ ਟੀ.ਵੀ ਚੈਨਲ ਜਾਣਬੁੱਝ ਕੇ ਕਿਸੇ ਸਾਜ਼ਿਸ਼ ਤਹਿਤ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਯਤਨ ਕਰਨ ਦੇ ਨਾਲ-ਨਾਲ ਅਤੇ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਨੂੰ ਮੀਡੀਆ ਰਾਹੀਂ ਢਾਅ ਲਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸੇ ਚੈਨਲ ਵਿਚ ਸਿੱਖ ਕਿਰਪਾਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੀ ਵੀ ਬੇਅਦਬੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਚੈਨਲ ਦੇ ਪ੍ਰਬੰਧਕਾਂ ਸਮੇਤ ਸੀਰੀਅਲ ਦੇ ਨਿਰਮਾਤਾਂ ਨੂੰ ਆਪਣੀਆਂ ਅਜਿਹੀਆਂ ਸਿੱਖ ਧਰਮ ਵਿਰੋਧੀ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ।
ਪ੍ਰੋ. ਬਡੂੰਗਰ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਪੜਤਾਲ ਕਰਨ ਲਈ ਇਕ ਕਮੇਟੀ ਬਣਾ ਦਿੱਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਤੇ ਭਾਈ ਰਾਮ ਸਿੰਘ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਅਤੇ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿਚ ਸਬ-ਕਮੇਟੀ ਦੀ ਰਿਪੋਰਟ ਆਉਣ ’ਤੇ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ ਕਿਉਂਕਿ ਇਹ ਸਬ ਟੀ.ਵੀ ਚੈਨਲ ਲਗਾਤਾਰ ਸਿੱਖ ਵਿਰੋਧੀ ਕਾਰਵਾਈਆਂ ਨੂੰ ਅੰਜ਼ਾਮ ਦੇ ਰਿਹਾ ਹੈ।ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸਬ ਟੀ.ਵੀ ਚੈਨਲ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਤਹਿਤ ਮਾਮਲਾ ਦਰਜ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media