ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ
ਏਅਰ ਮਾਰਸ਼ਲ ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਸ਼ੋਕ ਕਿਤਾਬ ਵਿਚ ਮਾਰਸ਼ਲ ਅਰਜਨ ਸਿੰਘ ਦੀਆਂ ਸੇਵਾਵਾਂ ਲਈ ਪ੍ਰਸ਼ੰਸਾ ਭਰੇ ਸ਼ਬਦ ਦਰਜ ਕਰਦਿਆਂ ਲਿਖਿਆ ਕਿ ਦੇਸ਼ ਅਤੇ ਕੌਮ ਦੇ ਮਹਾਨ ਸਪੂਤ ਅਰਜਨ ਸਿੰਘ ਦਾ ਯੋਗਦਾਨ ਲਾਸਾਨੀ ਹੈ, ਜਿਸ ਨੂੰ ਇਕੱਲੇ ਭਾਰਤ ਵਾਸੀ ਹੀ ਨਹੀਂ ਸਗੋਂ ਸਮੁੱਚਾ ਸੰਸਾਰ ਹਮੇਸ਼ਾ ਯਾਦ ਰੱਖੇਗਾ।ਉਨ੍ਹਾਂ ਇਹ ਵੀ ਲਿਖਿਆ ਕਿ ਮਾਰਸ਼ਲ ਅਰਜਨ ਸਿੰਘ ਦੇ ਜੀਵਨ ਦਾ ਹਰ ਦਿਨ ਇਤਿਹਾਸਕ ਸੀ ਅਤੇ ਕੌਮ ਨੂੰ ਉਨ੍ਹਾਂ ‘ਤੇ ਮਾਣ ਹੈ। ਪ੍ਰੋ: ਬਡੂੰਗਰ ਨੇ ਮਾਰਸ਼ਲ ਅਰਜਨ ਸਿੰਘ ਦੀ ਤੁਲਨਾ ਦੁਨੀਆਂ ਦੇ ਮਹਾਨ ਜਰਨੈਲਾਂ ਨਾਲ ਕਰਦਿਆਂ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਦਾ ਜ਼ਿਕਰ ਵੀ ਕੀਤਾ।
ਮਾਰਸ਼ਲ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਲਈ ਧੰਨਵਾਦ ਕੀਤਾ ਤੇ ਮਾਰਸ਼ਲ ਅਰਜਨ ਸਿੰਘ ਦੀ ਇੱਕ ਵੱਡ ਅਕਾਰੀ ਤਸਵੀਰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦਿੱਤੀ ਤਾਂ ਜੋ ਉਸ ਤੋਂ ਦੇਖ ਕੇ ਕੇਂਦਰੀ ਸਿੱਖ ਅਜਾਇਬ ਘਰ ਲਈ ਤਸਵੀਰ ਤਿਆਰ ਕੀਤੀ ਜਾ ਸਕੇ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media