ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ
ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜੋ 10 ਅਕਤੂਬਰ ਤੱਕ ਚੱਲੇਗਾ।ਮੈਡੀਕਲ ਕੈਂਪ ਦੀ ਆਰੰਭਤਾ ਅੱਜ ਅਰਦਾਸ ਨਾਲ ਕੀਤੀ ਨਾਲ ਕੀਤੀ ਗਈ ਅਤੇ ਕੈਂਪ ਦੇ ਉਦਘਾਟਨ ਮੌਕੇ ਸ਼੍ਰੋਮਣੀ ਕਮੇਟੀ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਸਮੇਤ ਸ੍ਰੀ ਗੁਰੂ ਰਾਮਦਾਸ ਹਸਪਤਾਲ, ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਦੇ ਆਹੁਦੇਦਾਰ ਅਤੇ ਸਟਾਫ਼ ਮੌਜੂਦ ਸੀ।
ਕੈਂਪ ਦੀ ਆਰੰਭਤਾ ਸਮੇਂ ਕਰਵਾਏ ਗਏ ਇਕ ਸੰਖੇਪ ਸਮਾਗਮ ਮੌਕੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 7 ਅਕਤੂਬਰ ਨੂੰ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜਿਥੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਸਾਫ਼-ਸਫ਼ਾਈ ਤੇ ਦੀਪਮਾਲਾ ਲਈ ਪ੍ਰੇਰਿਆ ਜਾ ਰਿਹਾ ਹੈ, ਉਥੇ ਹੀ ਅੱਜ ਤੋਂ ਸ੍ਰੀ ਗੁਰੁ ਰਾਮਦਾਸ ਹਸਪਤਾਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦਾ ਦਾਖ਼ਲਾ, ਬੈੱਡ ਚਾਰਜ਼ ਅਤੇ ਓਪਰੇਸ਼ਨ ਖ਼ਰਚਾ ਨਹੀਂ ਲਿਆ ਜਾਵੇਗਾ।
ਇਸ ਮੌਕੇ ਸ੍ਰੀ ਗੁਰੁ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਕੁਲਵੰਤ ਸਿੰਘ ਦੇਦ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਗੀਤਾ ਸ਼ਰਮਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਅਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media