ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ
ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਉਨਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 4 ਦਸੰਬਰ 2017 ਤੱਕ ਲਾਗੂ ਰਹੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media