ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੁਪਰੀਮ ਕੋਰਟ ਵਲੋਂ ਦਿੱਲੀ ਵਿਚ
ਪਟਾਕਿਆਂ ਦੀ ਵਿਕਰੀ `ਤੇ ਲਗਾਈ ਗਈ ਪਾਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਜ ਵਾਤਾਵਰਣ ਪ੍ਰਦੂਸ਼ਣ ਭਾਰਤ ਦੀ ਬਹੁਤ ਵੱਡੀ ਤੇ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਇਸ ਕਾਰਨ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੀਕ ਸਭ ਘਾਤਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।ਅਜਿਹੇ ਹਾਲਾਤ ਵਿਚ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਵੱਡੇ ਅਰਥ ਰੱਖਦਾ ਹੈ।
ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਵਾਤਾਵਰਣ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਸੁਚੇਤ ਹੈ ਕਿਉਂਕਿ ਗੁਰਬਾਣੀ ਵਿਚ ਪਾਣੀ, ਹਵਾ, ਧਰਤੀ ਤੇ ਹੋਰ ਕੁਦਰਤੀ ਸੋਮਿਆਂ ਦੀ ਮਹੱਤਤਾ ਤੇ ਸੰਭਾਲ ਲਈ ਉਪਦੇਸ਼ ਦਿੱਤਾ ਗਿਆ ਹੈ।ਇਸੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਦੀ ਸ਼ੁੱਧਤਾ ਲਈ ਇੱਕ ਲਹਿਰ ਚਲਾਈ ਗਈ ਹੈ, ਜਿਸ ਤਹਿਤ ਵੱਡੇ ਪੱਧਰ `ਤੇ ਰੁੱਖ, ਬੂਟੇ ਆਦਿ ਲਗਾਏ ਗਏ ਹਨ।ਉਨ੍ਹਾਂ ਆਖਿਆ ਕਿ ਇਸ ਲਹਿਰ ਨੂੰ ਸੰਗਤਾਂ ਘਰਾਂ ਤਕ ਲੈ ਕੇ ਜਾਣ ਤਾਂ ਜੋ ਪ੍ਰਦੂਸ਼ਣ ਦੀ ਮਾਰ ਨੂੰ ਘਟਾਇਆ ਜਾ ਸਕੇ।ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾਂਦੀ ਆਤਿਸ਼ਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਇਹ ਪ੍ਰਚਲਨ ਬਹੁਤ ਪੁਰਾਣਾ ਹੈ ਅਤੇ ਕਈ ਸਾਲਾਂ ਤੋਂ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ, ਪਰ ਫਿਰ ਵੀ ਪਿਛਲੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਪ੍ਰਦੂਸ਼ਣ ਰਹਿਤ ਆਤਿਸ਼ਬਾਜ਼ੀ ਨੂੰ ਪਹਿਲ ਦੇ ਰਹੀ ਹੈ।ਇਥੋਂ ਤਕ ਕਿ ਆਤਿਸ਼ਬਾਜ਼ੀ ਦਾ ਸਮਾਂ ਵੀ ਘਟਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਹੁੰਦੀ ਆਤਿਸ਼ਬਾਜ਼ੀ ਦਾ ਮਾਮਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਜੁੜਿਆ ਹੋਇਆ ਹੈ।ਇਸ ਮਾਮਲੇ ਸਬੰਧੀ ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕੌਮ ਦੀ ਅਗਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਦਾ ਵੀ ਕੋਈ ਸਾਰਥਕ ਹੱਲ ਕੱਢਿਆ ਜਾ ਸਕੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media