
ਅਨੰਦਪੁਰ ਸਾਹਿਬ, 19 ਜੁਲਾਈ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ 19 ਜੂਨ 2015 ਨੂੰ ਗੁਰਦੁਆਰਾ ਭੋਰਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਮਨਾਇਆ ਜਾ ਰਿਹਾ ਹੈ। ਦੂਰ-ਦੁਰਾਡੇ ਤੋਂ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੀ ਡਿਊੜੀ, ਪ੍ਰਕਰਮਾਂ ਚੌੜੀਆਂ ਕਰਨ, ਚਾਰ ਦੀਵਾਰੀ ਕਰਨ ਤੇ ਸੁੰਦਰੀਕਰਨ ਦੀ ਸੇਵਾ ਦਾ ਟੱਪ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਉਪਰੰਤ ਲਗਾਇਆ। ਇਹ ਕਾਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਖੁਸ਼ਹਾਲ ਸਿੰਘ ਤੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਰੋਪੜ ਵਾਲਿਆਂ ਨੂੰ ਸੌਪੀ ਗਈ ਹੈ।
ਸਮਾਗਮ ਮੌਕੇ ਬੋਲਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲੱਤ ‘ਚ ਗਲਤਾਨ ਹੋ ਕੇ ਪਤਿਤਪੁਣੇ ਵੱਲ ਵਧ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦਾ ੩੫੦ ਸਾਲਾ ਸਥਾਪਨਾ ਦਿਵਸ ਮਨਾਉਂਦੇ ਹੋਏ ਹਰ ਪ੍ਰਾਣੀ ਮਾਤਰ ਆਪਣੇ ਅੰਦਰੋਂ ਔਗੁਣਾਂ ਨੂੰ ਤਿਆਗ ਕਰ ਕਲਗੀਧਰ ਦਸਮੇਸ਼ ਪਿਤਾ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲਾ ਬਣੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸਾਰਾ ਸਾਲ ਹੀ ਵੱਖ-ਵੱਖ ਪ੍ਰੋਗਰਾਮਾਂ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਮਾਈ-ਭਾਈ ਸਾਲ ‘ਚ ਇਕ ਵਾਰੀ ਜਰੂਰ ਇਸ ਪਵਿੱਤਰ ਧਰਤੀ ਤੇ ਆ ਕੇ ਨਤਮਸਤਿਕ ਹੋ ਸਤਿਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੇ ਤੇ ਯਥਾਸ਼ਕਤ ਸੇਵਾ ਵਿੱਚ ਹਿੱਸਾ ਪਾਵੇ। ਉਨ੍ਹਾਂ ਕਿਹਾ ਕਿ 350 ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਮੁੱਚੇ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਰੱਖਣ ਲਈ 3 ਲੱਖ 50 ਹਜਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਗੁਰਦੁਆਰਾ ਭੋਰਾ ਸਾਹਿਬ ਵਿਖੇ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਮਾਸਟਰ ਜਗੀਰ ਸਿੰਘ, ਸ.ਗੁਰਿੰਦਰ ਸਿੰਘ, ਮਹਿੰਦਰ ਸਿੰਘ ਹੁਸੈਨਪੁਰੀ ਤੇ ਬੀਬੀ ਰਣਜੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ.ਜਗੀਰ ਸਿੰਘ ਮੀਤ ਸਕੱਤਰ, ਸ.ਬੇਅੰਤ ਸਿੰਘ ਅਨੰਦਪੁਰੀ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਸੁਖਵਿੰਦਰ ਸਿੰਘ ਗਰੇਵਾਲ ਮੈਨੇਜਰ, ਸ.ਇੰਦਰਮੋਹਣ ਸਿੰਘ ਅਜਨਾਣ ਸੁਪਰਵਾਈਰ ਪਬਲੀਸਿਟੀ ਵਿਭਾਗ, ਸੰਤ ਮਹਾਂਪੁਰਸ਼ ਤੇ ਪੰਥ ਦੀਆਂ ਹੋਰ ਮਾਇਆਨਾਜ ਹਸਤੀਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media