ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਤ੍ਰੈ-ਸ਼ਤਾਬਦੀ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ਼ ਵਿਖੇ ਦਸਵੇਂ ਪਾਤਸ਼ਾਹ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਰਦਾਸ ਦਿਵਸ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪੁੱਜੇ।ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕਵਿਤਾ ਗਾਇਨ ਤੇ ਕਵੀਸ਼ਰੀ ਉਚਾਰਨ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਲਾਸਾਨੀ ਕੁਰਬਾਨੀ ਨੂੰ ਨਿਵੇਕਲੇ ਢੰਗ ਨਾਲ ਪੇਸ਼ ਕੀਤਾ ਗਿਆ।
ਆਪਣੇ ਸੰਬੋਧਨ `ਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਦੱਬੇ ਕੁਚਲੇ ਮਜ਼ਲੂਮ ਲੋਕਾਂ ਅੰਦਰ ਜ਼ੁਲਮ ਖਿਲਾਫ ਡਟਣ ਦੀ ਅਜਿਹੀ ਹਿੰਮਤ ਭਰੀ ਕਿ ਮੁਗ਼ਲੀਆ ਹਕੂਮਤ ਦਾ ਤਖਤਾ ਇਸ ਦੇਸ਼ ਵਿਚੋਂ ਹਮੇਸ਼ਾ ਲਈ ਪੁੱਟਿਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸੰਨ 1699 ਵਿਚ ਖਾਲਸਾ ਸਜਾ ਕੇ ਦੇਸ਼ ਦੇ ਲੋਕਾਂ ਨੂੰ ਅਣਖ, ਗ਼ੈਰਤ, ਨਿਡਰਤਾ ਤੇ ਇੱਜ਼ਤ ਨਾਲ ਜਿਉਣ ਦਾ ਮਾਰਗ ਦਿਖਾਇਆ ਅਤੇ ਆਪਣੇ ਧਰਮ ਦੀ ਰੱਖਿਆ ਲਈ ਜ਼ੁਲਮ ਵਿਰੁੱਧ ਖੜ੍ਹੇ ਹੋਣ ਦੀ ਜਾਚ ਸਿਖਾਈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਿੱਖਾਂ ਨੂੰ ਅਧਿਆਤਮਕ ਤੇ ਸਮਾਜਕ ਵਿਕਾਸ ਲਈ ਧਰਮ ਵਿਚ ਪ੍ਰਪੱਕ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਜੀਵਨ ਦਾ ਮਾਰਗ ਦਰਸ਼ਕ ਬਣਾਉਣਾ ਚਾਹੀਦਾ ਹੈ ਅਤੇ ਗੁਰੂ ਵਾਲੇ ਬਣ ਕੇ ਇਸ ਸਮਾਜ ਨੂੰ ਮਨੁੱਖੀ ਕਦਰਾਂ-ਕੀਮਤਾਂ ਪੱਖੋਂ ਉੱਨਤ ਬਣਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। 
ਇਸ ਸਮੇਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਾਲਜ ਦੀ ਵੈਬਸਾਈਟ ਅਤੇ ਮਾਤਾ ਸਾਹਿਬ ਕੌਰ ਦੇ ਨਾਮ ’ਤੇ ਬਣਾਈ ਜਾਣ ਵਾਲੀ ਨਵੀਂ ਪਾਰਕ ਦਾ ਉਦਘਾਟਨ ਵੀ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਪੁੱਜੀਆਂ ਸਮੂਹ ਸ਼ਖਸੀਅਤਾਂ ਨੂੰ `ਜੀ ਆਇਆਂ` ਆਖਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਤੇ ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਕਿਰਨਜੋਤ ਕੌਰ, ਹਰਜਾਪ ਸਿੰਘ ਸੁਲਤਾਨਵਿੰਡ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ ਤੇ ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ, ਬਿਜੈ ਸਿੰਘ, ਮਹਿੰਦਰ ਸਿੰਘ ਆਹਲੀ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ, ਰਾਜਿੰਦਰ ਸਿੰਘ ਰੂਬੀ ਐਡੀਸ਼ਨਲ ਮੈਨੇਜਰ, ਪ੍ਰਿੰਸੀਪਲ ਡਾ. ਗਗਨਦੀਪ ਸਿੰਘ, ਸੁਪ੍ਰਿੰਟੈਂਡੈਂਟ ਮਨਿੰਦਰਮੋਹਨ ਸਿੰਘ, ਕਾਲਜ ਦਾ ਸਟਾਫ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media