Tuesday, November 24, 2026

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ

PPN3110201729ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਕੁਲਦੀਪ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਪ੍ਰਭੂ ਭਗਤੀ ਵਿਚ ਭਿੱਜਿਆ ਤੇ ਰੰਮਿਆ ਹੋਇਆ ਸੀ।ਉਨ੍ਹਾਂ ਕਿਹਾ ਕਿ ਸਮੂਹ ਭਗਤਾਂ ਦੀ ਟੇਕ ਇੱਕ ਪਰਮਾਤਮਾ ਵਿਚ ਅਡੋਲ ਰਹੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਰਾਹ ਦਸੇਰਾ ਹਨ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਹੋਏ ਭਗਤਾਂ ਨੇ ਜ਼ੁਲਮੀ ਹਕੂਮਤ ਦੀ ਮਾਲਕੀ ਨੂੰ ਨਕਾਰਦਿਆਂ ਸ੍ਰਿਸ਼ਟੀ ਦੇ ਮਾਲਕ ਇੱਕ ਪਰਮਾਤਮਾ ਦੀ ਵਡਿਆਈ ਕੀਤੀ। ਭਗਤ ਨਾਮਦੇਵ ਜੀ ਨੇ ਪਾਖੰਡਵਾਦ, ਕੁਰੀਤੀਆਂ, ਵਹਿਮਾ-ਭਰਮਾਂ ਦਾ ਖੰਡਨ ਕਰਕੇ ਸਮਾਜਕ ਚੇਤਨਾ ਪੈਦਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਬੰਡਾਲਾ, ਬਿਕਰਮ ਸਿੰਘ ਕੋਟਲਾ ਤੇ ਗੁਰਲਾਲ ਸਿੰਘ ਫਤਹਿਗੜ੍ਹ ਸਾਹਿਬ, ਸਕੱਤਰ ਡਾ. ਰੂਪ ਸਿੰਘ, ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ, ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾ ਕੋਹਨਾ, ਸ਼੍ਰੋਮਣੀ ਕਮੇਟੀ ਦਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply