ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਦਰਸ਼ਨੀ ਡਿਓਢੀ ਦੇ ਨਵੀਨੀਕਰਨ
ਦੀ ਕਾਰ ਸੇਵਾ ਅੱਜ ਆਰੰਭ ਕਰ ਦਿੱਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਇਸ ਦੀ ਰਸਮੀ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ। ਕਾਰ ਸੇਵਾ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ।
ਕਾਰ ਸੇਵਾ ਦੀ ਸ਼ੁਰੂਆਤ ਸਮੇਂ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਨੂੰ ਨਵਿਆਉਣ ਲਈ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਕਾਰ ਸੇਵਾ ਦਿੱਤੀ ਗਈ ਹੈ ਅਤੇ ਇਸ ਤਹਿਤ ਦਰਸ਼ਨੀ ਡਿਓਢੀ ਦਾ ਨਵਾਂ ਫਰਸ਼ ਲਗਾਉਣ, ਡਿਓਢੀ ਦੀ ਛੱਤ ਹੇਠਾਂ ਮੀਨਾਕਾਰੀ ਕਰਨ ਅਤੇ ਮੁੱਖ ਗੁੰਬਦ ’ਤੇ ਸੋਨਾ ਲਗਾਉਣ ਦਾ ਕਾਰਜ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੁੰਬਦਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਨਵੀਂ ਸੀਲਿੰਗ ਵੀ ਕੀਤੀ ਜਾਵੇਗੀ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਕਾਰ ਸੇਵਾ ਜਲਦ ਮੁਕੰਮਲ ਹੋ ਜਾਵੇਗੀ।
ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ ਸਦਕਾ ਉਨ੍ਹਾਂ ਨੂੰ ਇਹ ਸੇਵਾ ਮਿਲੀ ਹੈ, ਜਿਸ ਨੂੰ ਉਹ ਸੰਗਤਾਂ ਦੇ ਸਹਿਯੋਗ ਨਾਲ ਜਲਦੀ ਹੀ ਸੰਪੰਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੇਵਾ ਸਮੇਂ ਮਾਹਿਰਾਂ ਦੀ ਮਦਦ ਲਈ ਜਾਵੇਗੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਤੇ ਭਾਈ ਰਾਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਰਜਿੰਦਰ ਸਿੰਘ ਮਹਿਤਾ, ਜਥੇ: ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਪ੍ਰੀਤ ਸਿੰਘ ਝੱਬਰ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਸੇਵਕ ਸਿੰਘ ਜਵਾਹਰਕੇ, ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ ਆਦਿ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media