ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਮੂਹ ਰਿਟਰਨਿੰਗ ਅਫਸਰ/ਸਹਾਇਕ ਰਿਟਰਨਿੰਗ ਅਫਸਰ ਅਤੇ ਰਾਜਨੀਤਕ ਦਲਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੰਘਾ ਨੇ ਦੱਸਿਆ ਕਿ 17 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਦੀ ਵੋਟਿੰਗ ਦਾ ਸਮਾਂ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਦਾ ਹੋਵੇਗਾ ਅਤੇ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਹੋ ਜਾਵੇਗਾ।ਸੰਘਾ ਨੇ ਸਮੂਹ ਰਾਜਨੀਤਕ ਦਲਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਪੂਰਵਕ ਤਰੀਕੇ ਨਾਲ ਵੋਟਾਂ ਕਰਵਾਉਣ ਵਿੱਚ ਜਿਲਾ ਪ੍ਰਸਾਸ਼ਨ ਦਾ ਸਹਿਯੋਗ ਕਰਨ।ਉਨਾਂ ਇਹ ਵੀ ਦੱਸਿਆ ਕਿ ਅਤਿ ਸੰਵੇਦਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ ਅਤੇ ਮਾਡਲ ਕੋਡ ਆਫ ਕੰਡਕਟ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਇਸ ਮੌਕੇ ਅਮਰੀਕ ਸਿੰਘ ਪਵਾਰ ਡੀ:ਸੀ:ਪੀ ਨੇ ਦੱਸਿਆ ਕਿ 1400 ਪੁਲਿਸ ਮੁਲਾਜਮਾਂ ਨੂੰ ਰਿਜਰਵ ਤੌਰ `ਤੇ ਰੱਖਿਆ ਗਿਆ ਹੈ ਜੋ ਵੱਖ-ਵੱਖ ਚੌਂਕਾਂ ਵਿੱਚ ਤਾਇਨਾਤ ਹੋਣਗੇ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਗੇ।ਸਮੂਹ ਰਾਜਨੀਤਕ ਦਲਾਂ ਵੱਲੋਂ ਇਕ ਸੁਰ ਵਿੱਚ ਜਿਲਾ ਪ੍ਰਸਾਸ਼ਨ ਵੱਲੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।ਉਨਾਂ ਨੇ ਸਮੂਹ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦਾ ਧੰਨਵਾਦ ਕੀਤਾ ਕਿ ਉਨਾਂ ਨੇ ਪਾਰਦਰਸ਼ੀ ਢੰਗ ਨਾਲ ਕੰਮ ਕੀਤਾ ਹੈ ਅਤੇ ਕਿਸੇ ਵੀ ਦਬਾਓ ਵਿੱਚ ਨਹੀਂ ਆਏ।
ਇਸ ਮੀਟਿੰਗ ਵਿੱਚ ਸ੍ਰ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਵਿਕਾਸ ਹੀਰਾ ਐਸ:ਡੀ:ਐਮ ਅੰਮ੍ਰਿਤਸਰ-2, ਸ੍ਰੀ ਨਿਤਿਨ ਸਿੰਗਲਾ ਐਸ:ਡੀ:ਐਮ ਅੰਮਿ੍ਰਤਸਰ-1, ਰਵਿੰਦਰ ਸਿੰਘ ਅਰੋੜਾ ਕਾਰਜਕਾਰੀ ਮੈਜਿਸਟਰੇਟ, ਕਮਲਜੀਤ ਸਿੰਘ ਰਿਜਨਲ ਟਰਾਂਸਪੋਰਟ ਅਥਾਰਟੀ, ਮੁਕੇਸ਼ ਕੁਮਾਰ ਜਿਲਾ ਮਾਲ ਅਫਸਰ, ਜੀ:ਐਸ:ਗਿੱਲ ਜਿਲਾ ਵਿਕਾਸ ਤੇ ਪੰਚਾਇਤ ਅਫਸਰ, ਏ:ਪੀ: ਸਿੰਘ ਜਿਲਾ ਖੁਰਾਕ ਤੇ ਸਪਲਾਈ ਅਫਸਰ, ਜੁਗਲ ਕਿਸ਼ੋਰ ਸ਼ਰਮਾ ਜਿਲਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਗੁਰਪ੍ਰਤਾਪ ਸਿੰਘ ਟਿੱਕਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਰਾਜੇਸ਼ ਹਨੀ, ਅਮਰਜੀਤ ਸਿੰਘ ਸੀ:ਪੀ:ਆਈ ਤੋਂ ਇਲਾਵਾ ਵੱਡੀ ਗਿਣਤੀ `ਚ ਹੋਰ ਵੱਖ-ਵੱਖ ਰਾਜਨੀਤਕ ਦਲਾਂ ਦੇ ਨੁਮਾਇੰਦੇ ਹਾਜ਼ਰ ਸਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media