ਨਵੀਂ ਦਿੱਲੀ (22 ਦਸੰਬਰ, 2017): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ 24 ਦਸੰਬਰ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਗੁਰਦੁਆਰਾ ਸਿੰਘ ਸਭਾ ਫਤਹਿ ਨਗਰ ਤਕ ਸਜਾਏ ਜਾ ਰਹੇ ਨਗਰ ਕੀਰਤਨ ’ਚ ਅਖੰਡ ਕੀਰਤਨੀ ਜੱਥਾ ਦਿੱਲੀ ਭਾਗ ਲਏਗਾ।ਇਸ ਗੱਲ ਦੀ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਜੱਥੇ ਦੇ ਆਗੂਆਂ ਪਾਸੋਂ ਪ੍ਰਾਪਤ ਹੋਏ ਪੱਤਰ ਦੇ ਆਧਾਰ ’ਤੇ ਦਿੱਤੀ।ਦਰਅਸਲ ਸ਼ਹੀਦੀ ਹਫਤੇ ਦੌਰਾਨ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਕੁਝ ਸਿੱਖਾਂ ਵੱਲੋਂ ਦੁਵਿਧਾ ਭਰੀਆਂ ਭਾਵਨਾਵਾਂ ਸੋਸ਼ਲ ਮੀਡੀਆ ਰਾਹੀਂ ਪ੍ਰਗਟ ਕੀਤੀਆਂ ਜਾ ਰਹੀਆਂ ਸਨ।
ਜੱਥੇ ਦੇ ਆਗੂ ਅਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥਿਆਂ ਵੱਲੋਂ ਧਰਮ ਪ੍ਰਚਾਰ ਕਮੇਟੀ ਨੂੰ ਭੇਜੇ ਗਏ ਪੱਤਰ ਅਨੁਸਾਰ ਅਖੰਡ ਕੀਰਤਨੀ ਜੱਥਾ ਦਿੱਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਫੈਸਲੇ ਦਾ ਸਨਮਾਨ ਕਰਦਾ ਹੋਇਆ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਮੌਕੇ ਜੋ ਵੀ ਪ੍ਰੋਗਰਾਮ ਦਿੱਲੀ ਕਮੇਟੀ ਵੱਲੋਂ ਉਲੀਕੇ ਗਏ ਹਨ, ਉਨ੍ਹਾਂ ਦਾ ਸਤਿਕਾਰ ਕਰਦਾ ਹੈ।ਇਸ ਕਰਕੇ ਜੱਥਾ 24 ਦਸੰਬਰ ਨੂੰ ਨਗਰ ਕੀਰਤਨ ਅਤੇ 25 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ’ਚ ਸ਼ਾਮਲ ਹੋਵੇਗਾ।
ਰਾਣਾ ਨੇ ਦਿੱਲੀ ਦੀਆਂ ਸਮੂਹ ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਗੱਤਕਾ ਅਖਾੜਿਆਂ ਵੱਲੋਂ ਪ੍ਰਕਾਸ਼ ਪੁਰਬ ਦੇ ਸਮਾਗਮਾ ’ਚ ਹਰ ਸਾਲ ਵਾਂਗ ਇਸ ਸਾਲ ਵੀ ਵੱਡੇ ਪੱਧਰ ’ਤੇ ਸਹਿਯੌਗ ਕਰਨ ਦੇ ਮਿਲੇ ਭਰੋਸੇ ਦਾ ਵੀ ਹਵਾਲਾ ਦਿੱਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media