ਇਨਸਾਫ਼ ਲਈ ਪੀੜਤ ਪਰਿਵਾਰ ਨਾਲ ਹਰ ਪੱਧਰ ’ਤੇ ਲੜਾਈ ਲੜੇਗਾ ਅਕਾਲੀ ਦਲ – ਰਵੀ ਕਾਹਲੋਂ
ਅੰਮਿ੍ਤਸਰ, 5 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਕੌਮਾਂਤਰੀ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਖੁਦਕੁਸ਼ੀ ਅਤੇ ਪਰਿਵਾਰ ਨਾਲ ਹੋਈ ਬੇਇਨਸਾਫ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਅਸਤੀਫ਼ਾ ਲੈਣ ਅਤੇ ਉਸ ਸਮੇਤ ਕਾਂਗਰਸ ਦੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਿਲਾ ਕੋਟਲਾ ਬਾਮਾ ਅਤੇ ਹੋਰਾਂ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ।
ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ, ਆਗੂ ਵੀਰ ਸਿੰਘ ਲੋਪੋਕੇ, ਹਰਮੀਤ ਸਿੰਘ ਸੰਧੂ, ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ.ਆਰ (ਸਾਰੇ ਸਾਬਕਾ ਵਿਧਾਇਕ), ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਕੱਤਰ ਜਨਰਲ ਤਲਬੀਰ ਸਿੰਘ ਗਿੱਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਨੇ ਅੱਜ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਭੈਣ ਬਲਵੀਰ ਕੌਰ ਜੋ ਕਿ ਪੰਜਾਬ ਯੂਨੀਵਰਸਿਟੀ ’ਚ ਲਾਅ ਦੀ ਵਿਦਿਆਰਥਣ ਹੈ ਦੀ ਮੌਜੂਦਗੀ ਵਿੱਚ ਇਕ ਸੁਰ ’ਚ ਕਿਹਾ ਕਿ ਅਕਾਲੀ ਦਲ ਪੀੜਤ ਪਰਿਵਾਰ ਨਾਲ ਚਟਾਨ ਵਾਂਗ ਖੜ੍ਹਾ ਹੈ, ਜੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਦਾਇਤ ’ਤੇ ਇਨਸਾਫ਼ ਲਈ ਹਰ ਪੱਧਰ ’ਤੇ ਲੜਾਈ ਲੜੀ ਜਾਵੇਗੀ।
ਇਸ ਮੌਕੇ ਖੁਦਕੁਸ਼ੀ ਕਰ ਗਏ ਕਰਾਟੇ ਖਿਡਾਰਨ ਕੁਲਦੀਪ ਕੌਰ ਦੀ ਭੈਣ ਬਲਵੀਰ ਕੌਰ ਵਾਸੀ ਗੁਜਰਪੁਰਾ ਜ਼ਿਲ੍ਹਾ ਗੁਰਦਾਸਪੁਰ ਨੇ ਰੋਂਦੀ ਕੁਰਲਾਉਂਦੀ ਹੋਈ ਨੇ ਕਿਹਾ ਕਿ ਅਜੋਕੇ ਸਰਾਕਾਰੀ ਸਿਸਟਮ ਕਾਰਣ ਉਸ ਦੀ ਭੈਣ ਖੁਦਕੁਸ਼ੀ ਕਰਨ ਲਈ ਮਜਬੂਰ ਹੋਈ ਹੈ।ਇਸ ਮੌਕੇ ਅਜੈਬੀਰਪਾਲ ਸਿੰਘ ਰੰਧਾਵਾ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਗੁਜਰਪੁਰਾ, ਗੁਰਜੀਤ ਸਿੰਘ ਬਿਜਲੀਵਾਲ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media