ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘਾ ਅਫ਼ਸੋਸ ਜ਼ਾਹਿਰ ਕੀਤਾ ਹੈ।ਜ਼ਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਕਾਲਾਬੂਲਾ ਪੰਥ ਪ੍ਰਸਤ ਅਤੇ ਕੌਮ ਦੀ ਦਿਲੋਂ ਸੇਵਾ ਕਰਨ ਵਾਲੇ ਆਗੂ ਸਨ, ਜਿਨ੍ਹਾਂ ਦੀ ਕਮੀ ਸਦਾ ਰੜਕਦੀ ਰਹੇਗੀ।ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਸੁਰਜੀਤ ਸਿੰਘ ਪਿਛਲੀ ਅੰਤ੍ਰਿੰਗ ਕਮੇਟੀ ਵਿਚ ਮੈਂਬਰ ਵਜੋਂ ਸ਼ਾਮਲ ਸਨ ਅਤੇ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਲਈ ਉਨ੍ਹਾਂ ਨੇ ਵਡਮੁੱਲਾ ਯੋਗਦਾਨ ਪਾਇਆ।ਉਹ ਗੁਰੂ ਘਰ ਦੇ ਸ਼ਰਧਾਲੂ ਬਣ ਕੇ ਸੰਗਤਾਂ ਦੀ ਸੇਵਾ ਲਈ ਸਦਾ ਤਤਪਰ ਰਹਿਣ ਵਾਲੇ ਆਗੂ ਸਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਕਾਲਬੂਲਾ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਕਰਤਾ ਪੁਰਖ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਹਮੇਸ਼ਾਂ ਚੰਗੇ ਸਹਿਯੋਗੀ ਵਜੋਂ ਕਾਰਜਸ਼ੀਲ ਰਹਿੰਦੇ ਸਨ।ਉਨ੍ਹਾਂ ਕਿਹਾ ਕਿ ਜਥੇਦਾਰ ਕਾਲਬੂਲਾ ਨੇ ਪਿਛਲੀ ਅੰਤ੍ਰਿੰਗ ਕਮੇਟੀ ਵਿਚ ਰਹਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰੂ ਸਾਹਿਬ ਦੇ ਮੁਸਲਮਾਨ ਸ਼ਰਧਾਲੂਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਮਤਾ ਪਾਸ ਕਰਵਾਇਆ। ਇਨ੍ਹਾਂ ਵਿੱਚੋਂ ਰਾਏ ਬੁਲਾਰ ਜੀ ਦੀ ਤਸਵੀਰ ਵੀ ਇਕ ਹੈ।ਉਨ੍ਹਾਂ ਕਿਹਾ ਕਿ ਅਜੇ ਤਿੰਨ ਕੁ ਦਿਨ ਪਹਿਲਾਂ ਹੀ ਜਥੇਦਾਰ ਕਾਲਾਬੂਲਾ ਦੇ ਭਰਾ ਦੀ ਹੋਈ ਅਚਾਨਕ ਮੌਤ ਦੇ ਸਦਮੇ ਵਿੱਚੋਂ ਅਜੇ ਉਨ੍ਹਾਂ ਦਾ ਪਰਿਵਾਰ ਨਿਕਲਿਆ ਨਹੀਂ ਸੀ ਕਿ ਹੁਣ ਜਥੇਦਾਰ ਕਾਲਾਬੂਲਾ ਚਲਾਣਾ ਕਰ ਗਏ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਰਤਾ ਪੁਰਖ ਦਾ ਭਾਣਾ ਅਟੱਲ ਹੈ, ਜਦ ਨੂੰ ਟਾਲਿਆ ਨਹੀਂ ਜਾ ਸਕਦਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …