Friday, September 20, 2024

ਜਥੇ: ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਨੂੰ ਬਣਾਇਆ ਜਾਵੇਗਾ ਧਰਮ ਦੀ ਯੂਨੀਵਰਸਿਟੀ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਦੋ ਰੋਜਾ ਸੈਮੀਨਾਰ ਸਮਾਪਿਤ

PPN220211
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਦੋ ਦਿਨਾਂ ਸੈਮੀਨਾਰ ਦੇ ਆਖਰੀ ਦਿਨ ਬੋਲਦਿਆਂ ਕਮੇਟੀ ਪ੍ਰਧਾਨ ਸ੍ਰ ਅਵਤਾਰ ਸਿੰਘ ਮੱਕੜ ਨੇ ਐਲਾਨ ਕੀਤਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਨੂੰ ਧਰਮ ਦੀ ਯੂਨੀਵਰਸਿਟੀ ਬਣਾਇਆ ਜਾਵੇਗਾ। ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਅਯੋਜਿਤ ਦੋ ਰੋਜਾ ਸਮਾਗਮ ਦੀ ਸਮਾਪਤੀ ਮੌਕੇ ਸ੍ਰ ਮੱਕੜ ਨੇ ਕਿਹਾ ਕਿ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1920 ਤੋਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਇਆ ਜਾ ਰਿਹਾ ਹੈ, ਇਸ ਸੰਸਥਾ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਫਿਰ ਵੀ ਨਸ਼ਿਆਂ ਦਾ ਰੁਝਾਨ ਕਾਫੀ ਹੈ ਜਿਸ ਲਈ ਤਕਨਾਲੋਜੀ ਦੇ ਸਾਧਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੇ ਅਧੀਨ ਸਮੂਹ ਮਿਸ਼ਨਰੀ ਕਾਲਜ, ਗੁਰਮਤਿ ਵਿਦਿਆਲੇ ਤੇ ਪ੍ਰਾਈਵੇਟ ਵਿਦਿਆਲਿਆਂ ਦੇ ਸੰਚਾਲਕਾਂ ਨਾਲ ਸੰਪਰਕ ਕਰਕੇ ਇਨ੍ਹਾਂ ਦਾ ਸਲੇਬਸ ਇੱਕ ਕੀਤਾ ਜਾਵੇਗਾ ਤੇ ਇਨ੍ਹਾਂ ਨੂੰ ਇਸ ਯੂਨੀਵਰਸਿਟੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ।ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਸਾਲ ਪੰਜ ਚੰਗੇ ਪ੍ਰਚਾਰਕਾਂ ਨੂੰ ਸਨਮਾਨਿਆ ਜਾਵੇਗਾ। ਇਸ ਮੌਕੇ ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਨੇ ਵੀ ਸੰਬੋਧਨ ਕੀਤਾ ।ਕਾਲਜ ਦੇ ਪੁਰਾਣੇ ਵਿਦਿਆਰਥੀਆਂ , ਭਾਈ ਰਵਿੰਦਰ ਸਿੰਘ, ਭਾਈ ਅਨੂਪ ਸਿੰਘ, ਭਾਈ ਕਰਨੈਲ ਸਿੰਘ ਤੇ ਗਿਆਨੀ ਸੰਤੋਖ ਸਿੰਘ ਅਸਟਰੇਲੀਆ  ਨੇ ਸ੍ਰ ਮੱਕੜ ਨੂੰ ਸੁਝਾਅ ਪੱਤਰ ਵੀ ਸੌਂਪਿਆ। ਇਸ ਮੌਕੇ ਪ੍ਰੋਫੈਸਰ ਰਵੇਲ ਸਿੰਘ, ਭਾਈ ਅਨੂਪ ਸਿੰਘ ਤੇ ਭਾਈ ਕਰਨੈਲ ਸਿੰਘ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ, ਹਰਜਾਪ ਸਿੰਘ ਸੁਲਤਾਨਵਿੰਡ, ਜਸਵਿੰਦਰ ਸਿੰਘ ਐਡਵੋਕੇਟ ਤੇ ਬਾਬਾ ਟੇਕ ਸਿੰਘ ਧਨੌਲਾ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਵੱਡੀ ਗਿਣਤੀ ਵਿੱਚ ਕਮੇਟੀ ਅਧਿਕਾਰੀ ਤੇ ਵਿਦਿਆਰਥੀ ਮੌਜੂਦ ਸਨ। ਇਸੇ ਤਰ੍ਹਾਂ ਇਕ ਹੋਰ ਸਾਦੇ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਬਖਸ਼ੀਸ਼ ਸਿੰਘ ਨੇ ਕੀਤੀ। ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਉਪਰੰਤ ਸਜੇ ਦੀਵਾਨ ਵਿੱਚ ਬੀਬੀਆਂ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply