ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਤੇ ਮੁਕੰਮਲ ਪਾਬੰਦੀ ਲਗਾਉਣ ਸੰਬੰਧੀ ਜ਼ਿਲਾ ਪਠਾਨਕੋਟ ਵਿੱਚ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਸਰਕਲ ਕਾਨਵਾਂ ਦੇ ਪਿੰਡ ਗੜਮਲ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਕਿਸਾਨਾਂ ਨੂੰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਵਲੋਂ ਕਣਕ ਦਾ ਨਾੜ ਨਾਂ ਸਾੜਣ ਬਾਰੇ ਜਾਗਰੁਕ ਕੀਤਾ ਗਿਆ।ਉਨਾਂ ਦੇ ਨਾਲ ਗੁਰਦਿੱਤ ਸਿੰਘ ਅਤੇ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਵੀ ਹਾਜ਼ਰ ਸਨ।
ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਮ ਕਰਕੇ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ 80-90 ਫੀਸਦੀ ਨਾੜ ਦੀ ਤੂੜੀ ਬਣਾ ਲਈ ਜਾਂਦੀ ਹੈ ਅਤੇ ਬਹੁਤ ਘੱਟ ਨਾੜ ਦਾ ਹਿੱਸਾ ਖੇਤ ਵਿੱਚ ਬਚਦਾ ਹੈ,ਜਿਸ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ।ੳੇੁਨਾਂ ਕਿਹਾ ਕਿ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਬਹੁਤ ਸਾਰੀਆਂ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ।ਜਿਸ ਕਾਰਨ ਮਨੁੱਖਾਂ `ਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੁੰਦਾ ਹੈ।ਉਨਾਂ ਕਿਹਾ ਕਿ ਕਣਕ ਦੇ ਨਾੜ ਅੱਗ ਲਗਾ ਕੇ ਸਾੜਣ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ।ਉਨਾਂ ਕਿਹਾ ਕਿ ਰੀਪਰ ਨਾਲ ਤੂੜੀ ਬਨਾਉਣ ਉਪਰੰਤ ਸੁਹਾਗਾ ਮਾਰ ਕੇ ਪਾਣੀ ਲਗਾ ਦੇਣਾ ਚਾਹੀਦਾ ਅਤੇ ਵੱਤਰ ਆਉਣ `ਤੇ ਤਵੀਆਂ ਜਾਂ ਉਲਟਾਵੇਂ ਹੱਲ ਨਾਲ ਨਾੜ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਤੇ ਨਾੜ ਨੂੰ ਜ਼ਮੀਨ ਵਿੱਚ ਦਬਾ ਦੇਣਾ ਚਾਹੀਦਾ ਹੈ ਜਾਂ ਜ਼ੀਰੋ ਡਰਿਲ ਨਾਲ ਖੇਤ ਨੂੰ ਬਿਨਾਂ ਵਾਹੇ ਜੰਤਰ ਜਾਂ ਮੂੰਗੀ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਮੂੰਗੀ ਦਾ ਬੀਜ਼ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।ਜ਼ਰੂਰਤ ਅਨੁਸਾਰ ਕਿਸਾਨ ਮੂੰਗੀ ਦਾ ਬੀਜ ਖੇਤੀਬਾੜੀ ਦਫਤਰਾਂ ਤੋਂ ਪ੍ਰਾਪਤ ਕਰ ਸਕਦੇ ਹਨ।ਮੌਜੂਦ ਕਿਸਾਨਾਂ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਜ਼ਮੀਨ ਵਿੱਚ ਗਾਲਣ ਅਤੇ ਬੀਜੀ ਫਸਲ ਲਈ ਝੋਨੇ ਦੀ ਲਵਾਈ ਤੋਂ ਪਹਿਲਾਂ ਪਾਣੀ ਦੀ ਜ਼ਰੂਰਤ ਹੁੰਦੀ ਹੈ, ਪਰ ਇਸ ਸਮੇਂ ਦੌਰਾਨ ਬਿਜਲੀ ਨਾਂ ਆਉਣ ਕਾਰਨ ਬੀਜੀ ਮੂੰਗੀ ਜਾਂ ਜੰਤਰ ਦੀ ਫਸਲ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ।ਉਨਾਂ ਮੰਗ ਕੀਤੀ ਕਣਕ ਦੀ ਕਟਾਈ ਮੁਕੰਮਲ ਹੋਣ ਉਪਰੰਤ ਬਿਜਲੀ ਦੀ ਸਪਲਾਈ ਨਿਰੰਤਰ ਕਰਨੀ ਚਾਹੀਦੀ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …