ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਖੇਤੀ ਕਰਜ਼ੇ ਮੁਆਫ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਨੂੰ ਅਮਲੀ ਜਾਮਾ ਲੜੀਵਾਰ ਪਹਿਨਾਇਆ ਜਾ ਰਿਹਾ ਹੈ ਅਤੇ ਅੱਜ ਜਿਲ੍ਹੇ ਵਿਚ ਸੱਤ ਥਾਵਾਂ ’ਤੇ ਸਮਾਗਮ ਕਰਕੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਦਿੱਤੇ ਗਏ ਹਨ।ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ 4990 ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਦਿੱਤਾ ਗਿਆ ਹੈ।
ਸੰਘਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਮੀਨ ਦੀ ਮਾਲਕੀ ਨੂੰ ਧਿਆਨ ਵਿਚ ਰੱਖ ਕੇ ਸਾਰੇ ਕਿਸਾਨਾਂ ਦੇ ਨਾਮ ਕਰਜ਼ਾ ਮੁਆਫੀ ਲਈ ਬੈਂਕਾਂ ਵੱਲੋਂ ਤਿਆਰ ਕੀਤੇ ਜਾਂਦੇ ਹਨ ਅਤੇ ਉਸ ਅਨੁਸਾਰ ਹੀ 4990 ਕਿਸਾਨਾਂ ਨੂੰ 72.73 ਕਰੋੜ ਦੇ ਕਰਜ਼ੇ ਮੁਆਫ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਰਜ਼ਾ ਮੁਆਫੀ ਸਮਾਗਮ ਕਰਵਾਏ ਗਏ, ਜਿੰਨਾਂ ਵਿਚ ਕਿਸਾਨਾਂ ਤੋਂ ਇਲਾਵਾ ਸਥਾਨਕ ਹਲਕਾ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਬੈਂਕਰਾਂ ਨੇ ਸ਼ਮੂਲੀਅਤ ਕੀਤੀ।ਸੰਘਾ ਨੇ ਦੱਸਿਆ ਕਿ ਇੰਨਾਂ ਸਮਾਗਮਾਂ ਤਹਿਤ ਚੌਗਾਵਾਂ, ਅਜਨਾਲਾ, ਜੰਡਿਆਲਾ ਗੁਰੂ, ਬਾਬਾ ਬਕਾਲਾ, ਮਜੀਠਾ ਅਤੇ ਅਟਾਰੀ ਵਿਖੇ ਸਮਾਗਮ ਕਰਵਾ ਕੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਦਿੱਤਾ ਗਿਆ।
ਸੰਘਾ ਨੇ ਦੱਸਿਆ ਕਿ ਬੜੀ ਖੁਸ਼ੀ ਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਖੇਤੀ ਕਰਜ਼ੇ ਦੀ ਮੁਆਫ਼ੀ ਦੇ ਵਾਅਦੇ ਨੂੰ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਪਹਿਲਾਂ ਪੰਜਾਬ ਭਰ ਵਿਚ ਤਿੰਨ ਵੱਡੇ ਸਮਾਗਮ ਕਰਕੇ ਕਿਸਾਨਾਂ ਨੂੰ ਖੇਤੀ ਕਰਜ਼ਿਆਂ ਤੋਂ ਰਾਹਤ ਦਿੱਤੀ ਗਈ ਹੈ, ਜਿਸ ਵਿਚ ਮੁੱਖ ਮੰਤਰੀ ਖ਼ੁਦ ਸ਼ਾਮਿਲ ਹੋਏ ਸਨ ਅਤੇ ਹੁਣ ਬੈਂਕ ਸਰਕਲ ਪੱਧਰ ’ਤੇ ਇਹ ਸਮਾਗਮ ਕਰਕੇ ਕਿਸਾਨਾਂ ਨੂੰ ਕਰਜ਼ਾ ਮੁੱਕਤੀ ਦੇ ਸਰਟੀਫਿਕੇਟ ਦੇ ਰਹੇ ਹਨ।