ਬਟਾਲਾ, 7 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ
ਨਿਭਾਉਂਦਿਆਂ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਿਸਾਨੀ ਕਰਜ਼ਾ ਮੁਆਫ਼ ਕੀਤਾ ਹੈ।ਕਿਸਾਨੀ ਕਰਜ਼ੇ ਮੁਆਫ਼ ਕਰਨ ਦੇ ਨਾਲ ਰਾਜ ਸਰਕਾਰ ਛੇਤੀ ਹੀ ਖੇਤ ਮਜ਼ਦੂਰਾਂ ਦੇ ਵੀ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਜਾ ਰਹੀ ਹੈ ਤਾਂ ਜੋ ਗਰੀਬ ਖੇਤ ਮਜ਼ਦੂਰ ਪਰਿਵਾਰਾਂ ਨੂੰ ਵੀ ਕਰਜ਼ੇ ਦੇ ਜੂਲੇ ਤੋਂ ਮੁਕਤੀ ਦਿਵਾਈ ਜਾ ਸਕੇ। ਇਹ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਅੱਜ ਘੁਮਾਣ ਵਿਖੇ ਹਲਕੇ ਦੇ 68 ਕਿਸਾਨਾਂ ਨੂੰ 78 ਲੱਖ 12 ਹਜ਼ਾਰ ਰੁਪਏ ਦੇ ਕਿਸਾਨੀ ਕਰਜ਼ਾ ਮੁਆਫ਼ ਕਰਨ ਦੇ ਸਰਟੀਫਿਕੇਟ ਵੰਡਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ।
ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਕਰਜ਼ਾ ਮੁਕਤੀ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 9035 ਕਿਸਾਨਾਂ ਦਾ 60 ਕਰੋੜ ਰੁਪਏ ਦਾ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਬਟਾਲਾ ਤਹਿਸੀਲ ਦੇ 3015 ਕਿਸਾਨਾਂ ਨੂੰ 18 ਕਰੋੜ 97 ਲੱਖ ਕਰਜ਼ਾ ਮੁਕਤੀ ਦੀ ਰਾਹਤ ਮਿਲੀ ਹੈ।ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕਹਿਣੀ ਅਤੇ ਕਥਨੀ ਦੇ ਪੱਕੇ ਹਨ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਚੋਣਾਂ ਤੋਂ ਪਹਿਲਾਂ ਜੋ ਕਰਜ਼ਾ ਮੁਕਤੀ ਦਾ ਵਾਅਦਾ ਕੀਤਾ ਸੀ ਉਸ ਨੂੰ ਨਿਭਾਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਆਪਣੇ ਕਿਸਾਨਾਂ ਨੂੰ ਸੰਕਟ ’ਚੋਂ ਕੱਢਣ ਲਈ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਰਜ਼ਾ ਮੁਕਤੀ ਮੁਹਿੰਮ ਸੂਬੇ ਦੀ ਕਿਸਾਨੀ ਵਿੱਚ ਨਵੀਂ ਜਾਨ ਪਾਏਗੀ ਅਤੇ ਸੂਬੇ ਦੇ ਕਿਸਾਨ ਇੱਕ ਫਿਰ ਤੋਂ ਖੁਸ਼ਹਾਲ ਹੋ ਸਕਣਗੇ।ਇਸ ਮੌਕੇ ਅਸਿਸਟੈਂਟ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਨੀਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੇ ਕਿਸਾਨ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media