ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ ਕਰਨ ਨਾਲ ਹੋਣ ਵਾਲੇ ਨੁਕਸਾਨਾਂ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸਤ ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਸੈਦੋਵਾਲ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਬਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਸਾਹਿਲ ਮਹਾਜਨ, ਮਨਦੀਪ ਕੁਮਾਰ ਸਹਾਇਕ ਟੈਕਨੀਕਲ ਮੈਨੇਜ਼ਰ ਅਤੇ ਹੋਰ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਵਾਲੇ ਰਕਬੇ ਨੂੰ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਲਈ ਨਾਬਾਰਡ ਦੀ ਮਦਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਅਡੈਪਟਬਿਲਟੀ ਫੰਡ ਫਾਰ ਕਲਾਈਮੇਟ ਚੇਂਜ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਝੋਨੇ ਹੇਠੋਂ ਰਕਬਾ ਕੱਢ ਕੇ ਦਾਲਾਂ, ਤੇਲ ਬੀਜ ਅਤੇ ਮੱਕੀ ਹੇਠ ਰਕਬਾ ਲਿਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 23500/- ਦੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈ।ਉਨਾਂ ਕਿਹਾ ਕਿ ਮੱਕੀ ਦੀ ਬਿਜਾਈ ਛੱਟੇ ਨਾਲ ਕਰਨ ਦੀ ਬਿਜਾਏ ਕੇਰ ਕੇ ਜਾਂ ਵੱਟਾਂ ਉਪਰ ਚੋਗ ਕੇ ਕਰਨ ਨਾਲ ਪੈਦਾਵਾਰ ਵਧਾਈ ਜਾ ਸਕਦੀ ਹੈ।ਉਨਾ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ,ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਐਕਟ 2019 ਵਿੱਚ ਸੋਧ ਕਰਕੇ ਝੋਨੇ ਦੀ ਪਨੀਰੀ ਬੀਜਣ ਦੀ ਤਾਰੀਕ 20 ਮਈ ਅਤੇ ਲਵਾਈ ਦੀ ਮਿਤੀ 20 ਜੂਨ ਨਿਸ਼ਚਤ ਕੀਤੀ ਗਈ ਹੈ।ਉਨਾਂ ਕਿਹਾ ਕਿ ਐਕਟ ਵਿੱਚ ਕੀਤੀ ਸੋਧ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ।ਉਨਾਂ ਕਿਹਾ ਕਿ ਜੇਕਰ ਕੋਈ ਕਿਸਾਨ ਇਸ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਜਕੇਰ ਕਣਕ ਦੀ ਫਸਲ ਨੂੰ 50 ਕਿਲੋ ਡੀ.ਏ.ਪੀ ਖਾਦ ਪਾਈ ਗਈ ਸੀ ਤਾਂ ਝੋਨੇ ਦੀ ਫਸਲ ਨੂੰ ਡੀ.ਏ.ਪੀ ਖਾਦ ਪਾਉਣ ਦੀ ਜ਼ਰੂਰਤ ਨਹੀਂ।ਉਨਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ।ਉਨਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣਾ ਸਾਡਾ ਸਭਨਾਂ ਦਾ ਮੁੱਢਲਾ ਇਖਲਾਕੀ ਫਰਜ ਹੈ ਅਤੇ ਹਰੇਕ ਨਾਗਰਿਕ ਨੂੰ ਆਪਣਾ ਮੁਢਲਾ ਫਰਜ਼ ਸਮਝਦਿਆਂ ਹਵਾ, ਪਾਣੀ ਅਤੇ ਮਿੱਟੀ ਨੂੰ ਸ਼ੁਧ ਰੱਖਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
Punjab Post Daily Online Newspaper & Print Media