ਅੰਮਿ੍ਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿਹਤ ਵਿਭਾਗ ਵੱਲੋਂ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅਤੇ ਤਿਓਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਲੋਹਗੜ੍ਹ, ਬੀ.ਕੇ.ਦੱਤ ਗਂਟ ਅਤੇ ਮਜੀਠਾ ਰੋਡ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ 20 ਕਿਲੋ ਖਰਾਬ ਹੋਇਆ ਖੋਇਆ ਅਤੇ 40 ਕਿਲੋ ਬਰਫੀ ਜਿਸ ਨੂੰ ਹਾਨੀਕਾਰਕ ਰੰਗਾਂ ਅਤੇ ਕੈਮੀਕਲਾਂ ਨਾਲ ਤਿਆਰ ਕੀਤਾ ਗਿਆ ਸੀ ਨੂੰ ਨਸ਼ਟ ਕੀਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆਂ ਨੇ ਦੱਸਿਆ ਕਿ ਤਿਓਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਇਹ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ।ਉਨ੍ਹਾਂ ਦੱਸਿਆ ਕਿ ਦੁੱਧ ਤੋਂ ਬਣੇ ਪਦਾਰਥਾਂ ਦੇ 20 ਸੈਂਪਲ ਲਏ ਗਏ ਹਨ ਅਤੇ ਉਨ੍ਹਾਂ ਨੂੰ ਟੈਸਟ ਕਰਨ ਲਈ ਖਰੜ ਦੀ ਲੈਬਾਰਟਰੀ ਵਿਖੇ ਭੇਜ ਦਿੱਤਾ ਗਿਆ ਹੈ।ਭਾਗੋਵਾਲੀਆਂ ਨੇ ਦੱਸਿਆ ਕਿ ਲੈਬਾਰਟਰੀ ਤੋਂ ਰਿਪੋਰਟ ਮਿਲਣ ਉਪਰੰਤ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਲਾਇਸੈਂਸ ਲੈਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਜਿੰਨਾਂ ਦੁਕਾਨਦਾਰਾਂ ਵੱਲੋਂ ਲਾਇਸੈਂਸ ਨਹੀਂ ਲਏ ਜਾਣਗੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਭਾਗੋਵਾਲੀਆ ਨੇ ਦੱਸਿਆ ਕਿ ਦੁੱਧ ਵਿੱਚ ਮਿਲਾਵਟ ਨੂੰ ਲੈ ਕੇ ਉਨ੍ਹਾਂ ਵੱਲੋਂ ਐਸ.ਐਸ.ਪੀ ਦਿਹਾਤੀ ਪਰਮਪਾਲ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ ਗਈ ਹੈ।ਮੀਟਿੰਗ ਦੋਰਾਨ ਉਨ੍ਹਾਂ ਨੇ ਐਸ.ਐਸ.ਪੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁਝ ਲੋਕ ਨਕਲੀ ਦੁੱਧ ਬਣਾ ਕੇ ਵੇਚ ਰਹੇ ਹਨ।ਇਸ ਲਈ ਉਨ੍ਹਾਂ `ਤੇ ਛਾਪੇ ਮਾਰਨ ਲਈ ਪੁਲਿਸ ਦਾ ਸਾਥ ਜਰੂਰੀ ਹੈ।ਭਾਗੋਵਾਲੀਆਂ ਨੇ ਦੱਸਿਆ ਕਿ ਐਸ.ਐਸ.ਪੀ ਨੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ਼ ਦਿਵਾਇਆ ਹੈ ਕਿ ਵਿਭਾਗ ਟੀਮ ਵੱਲੋਂ ਜਿਥੇ ਵੀ ਛਾਪੇਮਾਰੀ ਕੀਤੀ ਜਾਵੇਗੀ ਉਨ੍ਹਾਂ ਨਾਲ ਪੁਲਿਸ ਕਰਮੀਆਂ ਦੀ ਡਿਊਟੀ ਲਗਾਈ ਜਾਵੇਗੀ ਅਤੇ ਨਕਲੀ ਦੁੱਧ ਵੇਚਣ ਵਾਲਿਆਂ ਦੇ ਖਿਲਾਫ ਪਰਚੇ ਵੀ ਦਰਜੇ ਕੀਤੇ ਜਾਣਗੇ ਅੀਜਹੇ ਅਨਸਰਾਂ ਨੂੰ ਫੜ ਕੇ ਪੱਤਰਕਾਰਾਂ ਦੇ ਸਾਹਮਣੇ ਵੀ ਨਸ਼ਰ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਇਹ ਲੋਕ ਨਕਲੀ ਦੁੱਧ ਦਾ ਕਾਰੋਬਾਰ ਕਰਦੇ ਹਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media