ਲੌਂਗੋਵਾਲ ਨੇ ਕੰਪਨੀ ਦੇ ਸੀ.ਈ.ਓ ਤੇ ਹੋਰ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਸਵਰਾਜ ਕੰਪਨੀ ਵੱਲੋਂ ਇੱਕ ਨਵੇਂ
ਤਿਆਰ ਕੀਤੇ ਗਏ ਮਾਡਲ ਦਾ ਪਹਿਲਾ ਟਰੈਕਟਰ ਭੇਟ ਕੀਤਾ ਗਿਆ।ਇਸ ਤੋਂ ਪਹਿਲਾਂ ਕੰਪਨੀ ਦੇ ਸੀ.ਈ.ਓ ਵੀਰੇਨ ਪੋਪਲੀ, ਸੀਨੀਅਰ ਵਾਈਸ ਪ੍ਰਧਾਨ ਸੇਲ ਤੇ ਮਾਰਕੀਟਿੰਗ ਰਾਜੀਵ ਰੇਲਨ ਸਮੇਤ ਹੋਰ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ੍ਰੀ ਦਰਬਾਰ ਸਾਹਿਬ ਲਈ ਟਰੈਕਟਰ ਭੇਟ ਕਰਨ ਉਪਰੰਤ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੰਪਨੀ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਅਧਿਆਤਮਕ ਕੇਂਦਰ ਹੋਣ ਕਰਕੇ ਸਮੇਂ-ਸਮੇਂ ਸ਼ਰਧਾਲੂਆਂ ਵੱਲੋਂ ਇਥੇ ਭੇਟਾਵਾਂ ਅਰਪਿਤ ਕੀਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਹੀ ਸਵਰਾਜ ਕੰਪਨੀ ਵੱਲੋਂ ਗੁਰੂ ਘਰ ਲਈ ਨਵੇਂ ਤਿਆਰ ਕੀਤੇ ਗਏ ਮਾਡਲ ਦਾ ਟਰੈਕਟਰ ਸ਼ਰਧਾ ਨਾਲ ਭੇਟ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ।ਸੀ.ਈ.ਓ ਵੀਰੇਨ ਪੋਪਲੀ ਨੇ ਆਖਿਆ ਕਿ ਕੰਪਨੀ ਵੱਲੋਨ ਸਵਰਾਜ-963 ਮਾਡਲ ਟਰੈਕਟਰ ਹਾਲ ਹੀ ਵਿਚ ਬਣਾਇਆ ਗਿਆ ਹੈ, ਜਿਸ ਦਾ ਪਹਿਲਾ ਟਰੈਕਟਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕਰਕੇ ਇਸ ਦੀ ਆਰੰਭਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਸਥਾਨ ਸਭ ਦਾ ਸਾਂਝਾ ਹੈ ਅਤੇ ਇਥੇ ਕੀਤੀ ਅਰਦਾਸ ਨਾਲ ਬਰਕਤਾਂ ਮਿਲਦੀਆਂ ਹਨ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਜਗਜੀਤ ਸਿੰਘ ਜੱਗੀ, ਮਹਿੰਦਰ ਸਿੰਘ ਆਹਲੀ, ਕੁਲਵਿੰਦਰ ਸਿੰਘ ਰਮਦਾਸ, ਰਾਜਿੰਦਰ ਸਿੰਘ ਰੂਬੀ ਅਟਾਰੀ, ਸੁਖਰਾਜ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਮੌਜੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media