ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਣਗੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸ੍ਰੀ ਅੰਮ੍ਰਿਤਸਰ ਵਸਾਉਣ ਸਮੇਂ ਇਥੇ 52 ਕਿੱਤਾਕਾਰਾਂ ਨੂੰ ਵਸਾਇਆ ਸੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਪ੍ਰਕਾਸ਼ ਗੁਰਪੁਰਬ ਸਮੇਂ ਇਨ੍ਹਾਂ ਕਿੱਤਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਖੋਜਕਾਰਾਂ ਵੱਲੋਂ 52 ਕਿੱਤਿਆਂ ਨਾਲ ਸਬੰਧਤ ਲੋਕਾਂ ਤੱਕ ਪਹੁੰਚ ਕਰਕੇ ਸੂਚੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ 52 ਕਿੱਤਾਕਾਰਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਇਕੱਤਰਤਾ ਦੌਰਾਨ ਹਾਜ਼ਰ ਸਕੂਲਾਂ/ਕਾਲਜਾਂ ਦੇ ਪ੍ਰਤੀਨਿਧਾਂ ਨੂੰ ਬੱਚਿਆਂ ਦੀ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਵੀ ਕਿਹਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ 40 ਹਜ਼ਾਰ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਇਹ ਵਿਦਿਆਰਥੀ ਆਪੋ-ਆਪਣੇ ਸਕੂਲ/ਕਾਲਜ ਦੀ ਨਿਰਧਾਰਤ ਵਰਦੀ ਵਿਚ ਹੋਣਗੇ। ਡਾ. ਰੂਪ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦੇ ਨਾਲ-ਨਾਲ ਪੜਤਾਲ ਗਾਇਨ ਕੀਰਤਨ ਸਮਾਗਮ ਅਤੇ ਰਾਗ ਦਰਬਾਰ ਵੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਇਨ੍ਹਾਂ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀਏ ਰਾਗ ਅਧਾਰਿਤ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਪ੍ਰਿੰਸੀਪਲ ਨਾਨਕ ਸਿੰਘ, ਡਾ. ਫੁਲਵਿੰਦਰਪਾਲ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਪ੍ਰਿੰਸੀਪਲ ਤਰਨਜੀਤ ਸਿੰਘ, ਪ੍ਰਿੰਸੀਪਲ ਦਿਲਬਾਗ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿੰਸੀਪਲ ਚਰਨਜੀਤ ਕੌਰ, ਪ੍ਰਿੰਸੀਪਲ ਪ੍ਰਭਦੀਪ ਕੌਰ, ਬੀਬੀ ਗੁਰਿੰਦਰ ਕੌਰ, ਬੀਬੀ ਰਜਨੀ ਕੌਰ, ਬੀਬੀ ਮਨਿੰਦਰਪਾਲ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਤੇ ਹੋਰ ਮੌਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media