ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਯੂਪੀ ਵਿਚ ਪੈਂਦੇ ਗੁਰਦੁਆਰਾ ਕੋੜੀ ਵਾਲਾ ਘਾਟ ਤੋਂ 1 ਅਕਤੂਬਰ ਨੂੰ ਖਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ਨੇ ਅੱਜ ਪੰਜਾਬ ਵਿਚ ਪ੍ਰਵੇਸ਼ ਕੀਤਾ। ਸਤਵੇਂ ਦਿਨ ਹਰਿਆਣਾ ’ਚ ਪੈਂਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਈ ਨਗਰ ਕੀਰਤਨ ਦੀ ਅਰੰਭਤਾ ਮੌਕੇ ਭਾਈ ਸੁਖਵਿੰਦਰ ਸਿੰਘ ਨੇ ਅਰਦਾਸ ਕੀਤੀ ਤੇ ਇਸ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਤੇਜਿੰਦਰਪਾਲ ਸਿੰਘ ਲਾਡਵਾ, ਅਮਰੀਕ ਸਿੰਘ ਸ਼ਾਹਪੁਰ, ਬੀਬੀ ਮਨਜੀਤ ਕੌਰ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ, ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ।
ਭਾਈ ਅਜਾਇਬ ਸਿੰਘ ਅਭਿਆਸੀ ਤੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਸੰਗਤ ਨੂੰ ਜਿਥੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਉਥੇ ਹੀ ਆਰੰਭਤਾ ਸਮੇਂ ਪੁੱਜੀਆਂ ਵੱਡੀ ਗਿਣਤੀ ਸੰਗਤਾਂ ਦਾ ਧੰਨਵਾਦ ਕੀਤਾ।ਭਾਈ ਅਜਾਇਬ ਸਿੰਘ ਅਭਿਆਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੀਰਤਨ ਦੇ ਪੰਜਾਬ ਦੀ ਧਰਤੀ ’ਤੇ ਪੁੱਜਣ ਤੋਂ ਪਹਿਲਾਂ ਅੱਜ ਹਰਿਆਣਾ ਦੇ ਮਡਰੋਲੀ, ਸਢੌਰਾ, ਡੈਹਰ, ਨਰਾਇਣਗੜ੍ਹ, ਸ਼ਹਿਯਾਦਪੁਰ, ਹੰਡੇਸਰਾ, ਗੁਰਦੁਆਰਾ ਪੰਜੋਖਰਾ ਸਾਹਿਬ, ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਵਿਖੇ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਖਾਲਸਾਈ ਜਾਹੋ ਜਲਾਲ ਨਾਲ ਸਵਾਗਤ ਕੀਤਾ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਦੀ ਟਹਿਲ ਸੇਵਾ ਕੀਤੀ।ਭਾਈ ਅਭਿਆਸੀ ਨੇ ਦੱਸਿਆ ਕਿ ਇਸ ਵਿਸ਼ਾਲ ਨਗਰ ਕੀਰਤਨ ਦੀ ਸਮਾਪਤੀ ਭਲਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media